ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਹਥਿਆਰਾਂ ਨਾਲ ਧਮਕਾਉਣ, ਭੜਕਾਊ ਭਾਸ਼ਣ ਦੇਣ ਅਤੇ ਹਥਿਆਰਾਂ ਨਾਲ ਫੋਟੋਆਂ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦੇ ਮਾਮਲਿਆਂ ਵਿੱਚ 9800 ਅਸਲਾ ਲਾਇਸੈਂਸ ਮੁਅੱਤਲ ਕੀਤੇ ਹਨ। ਇਹ ਕਾਰਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ‘ਤੇ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਭੜਕਾਊ ਭਾਸ਼ਣ ਦੇਣ ਜਾਂ ਹਥਿਆਰਾਂ ਨਾਲ ਧਮਕੀਆਂ ਦੇਣ ਦੇ ਮਾਮਲਿਆਂ ਵਿੱਚ ਹੁਣ ਬਿਲਕੁਲ ਵੀ ਢਿੱਲ ਨਹੀਂ ਵਰਤੀ ਜਾਵੇਗੀ। ਅਜਿਹੇ ਮਾਮਲੇ ਸਾਹਮਣੇ ਆਉਂਦੇ ਹੀ ਸਭ ਤੋਂ ਪਹਿਲਾਂ ਦੋਸ਼ੀਆਂ ਦੇ ਅਸਲਾ ਲਾਇਸੈਂਸ ਮੁਅੱਤਲ ਕੀਤੇ ਜਾਣਗੇ।
ਪੁਲਿਸ ਹੁਣ ਤੱਕ 2300 ਲੋਕਾਂ ਤੋਂ ਪੁਲਿਸ ਸੁਰੱਖਿਆ ਵਾਪਸ ਲੈ ਚੁੱਕੀ ਹੈ। ਰਾਜ ਵਿੱਚ 21 ਤੋਂ 40 ਸਾਲ ਦੀ ਉਮਰ ਦੇ ਜਿਨ੍ਹਾਂ ਲੋਕਾਂ ਨੂੰ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ, ਦੀ ਸੁਰੱਖਿਆ ਸਮੀਖਿਆ ਕੀਤੀ ਜਾ ਰਹੀ ਹੈ। ਜਿਨ੍ਹਾਂ 2300 ਲੋਕਾਂ ਤੋਂ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ਵਿੱਚ ਸੂਬੇ ਦੇ ਕਈ ਵਪਾਰੀ, ਸਿਆਸੀ ਪਾਰਟੀਆਂ ਦੇ ਜ਼ਿਲ੍ਹਾ ਪੱਧਰੀ ਮੁਖੀ, ਉਦਯੋਗਪਤੀ ਅਤੇ ਕਾਰੋਬਾਰੀ ਆਦਿ ਸ਼ਾਮਲ ਹਨ।
Published on: ਸਤੰਬਰ 11, 2024 7:37 ਪੂਃ ਦੁਃ