ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਅਕਤੂਬਰ ਮਹੀਨੇ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ।ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਚਰਣਾਂ ‘ਚ ਕਰਵਾਏਗੀ।ਇਹ ਵੀ ਜਾਣਕਾਰੀ ਮਿਲੀ ਹੈ ਕਿ ਪਹਿਲੇ ਪੜਾਅ ’ਚ ਪਿੰਡਾਂ ‘ਚ ਸਰਪੰਚਾਂ- ਪੰਚਾਂ ਦੀ ਚੋਣ ਹੋਵੇਗੀ।ਸੂਤਰਾਂ ਨੇ ਦੱਸਿਆ ਕਿ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਇਹ ਚੋਣ ਕਿਸੇ ਸਮੇਂ ਵੀ ਹੋ ਸਕਦੀਆਂ ਹਨ।ਰਾਜ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਵਿਧਾਨ ਸਭਾ ਸੈਸ਼ਨ ‘ਚ ਪੰਚਾਇਤੀ ਰਾਜ ਐਕਟ 1994 ਵਿਚ ਕੀਤੀਆਂ ਸੋਧਾਂ ’ਤੇ ਅਜੇ ਤੱਕ ਰਾਜਪਾਲ ਦੀ ਸਹੀ ਨਹੀਂ ਪਈ ਹੈ।
ਪੰਜਾਬ ਸਰਕਾਰ ਵੱਲੋਂ ਇਸ ਵਾਰ ਬਿੱਲ ਰਾਹੀਂ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਅਹੁਦੇ ‘ਚ ਰਾਖਵੇਂਕਰਨ ਵਿੱਚ ਤਬਦੀਲੀ ਕੀਤੀ ਗਈ ਹੈ।ਇਸ ਤਬਦੀਲੀ ਤਹਿਤ ਹੁਣ ਬਲਾਕ ਪੱਧਰ ‘ਤੇ ਰਾਖਵੇਂਕਰਨ ਦਾ ਰੋਸਟਰ ਤਿਆਰ ਕੀਤਾ ਜਾਵੇਗਾ ਜਦਕਿ ਪਹਿਲਾਂ ਜ਼ਿਲ੍ਹਾ ਪੱਧਰ ‘ਤੇ ਰਾਖਵੇਂਕਰਨ ਦਾ ਰੋਸਟਰ ਤਿਆਰ ਕੀਤਾ ਜਾਂਦਾ ਸੀ।ਇਹ ਵੀ ਸੋਧ ਕੀਤੀ ਗਈ ਹੈ ਕਿ ਇਸ ਵਾਰ ਉਮੀਦਵਾਰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕਣਗੇ।ਪੰਜਾਬ ‘ਚ ਪੰਚਾਇਤੀ ਚੋਣਾਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੋ ਸਕਦੀਆਂ ਹਨ।ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੱਖੋ-ਵੱਖਰੀਆਂ ਹੋਣਗੀਆਂ।ਪੰਚਾਇਤੀ ਚੋਣਾਂ ਪਿਛੋਂ ਨਗਰ ਨਿਗਮ ਚੋਣਾਂ ਦੀ ਵਾਰੀ ਆਵੇਗੀ।
ਜਿਕਰਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਉਪ ਚੋਣਾਂ ਵੀ ਹੋਣੀਆਂ ਹਨ।ਪੰਜਾਬ ਸਰਕਾਰ ਵੱਲੋਂ ਇਸ ਸੰਬੰਧੀ ਤਿਆਰੀ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 50 ਕਰੋੜ ਦੇ ਲੱਗਭੱਗ ਫ਼ੰਡ ਹਲਕਿਆਂ ‘ਚ ਜਾਰੀ ਕੀਤੇ ਗਏ ਹਨ।