ਸਾਰੀਆਂ ਫ਼ਸਲਾਂ ‘ਤੇ MSP ਦੀ ਕਾਨੂੰਨੀ ਗਾਰੰਟੀ ਤੇ ਕਿਸਾਨਾਂ ਨੂੰ ਪੈਨਸ਼ਨ
ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫੀ ਯੋਜਨਾ ਤੇ ਔਰਤਾਂ ਨੂੰ ਜ਼ਮੀਨ ਦੇ ਮਾਲਕੀ ਹੱਕ
ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨੇ ਆਪਣੀ ਖੇਤੀ ਨੀਤੀ ਤਿਆਰ ਕਰ ਲਈ ਹੈ। ਨੀਤੀ ‘ਚ ਸਾਰੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਤੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ-ਮਜ਼ਦੂਰਾਂ ਲਈ ਪੈਨਸ਼ਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਣੀ ਅਤੇ ਬਿਜਲੀ ਦੀ ਬੱਚਤ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਦੇਣ ਲਈ ਪਾਣੀ ਬਚਾਓ ਪੈਸਾ ਕਮਾਓ ਸਕੀਮ ਲਿਆਉਣ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ।
ਨੀਤੀ ਦਾ ਖਰੜਾ ਜਾਰੀ ਕਰ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਵਿੱਚ ਕਿਸਾਨਾਂ ਅਤੇ ਇਸ ਖੇਤਰ ਦੇ ਮਾਹਿਰ ਲੋਕਾਂ ਤੋਂ ਰਾਏ ਲਈ ਜਾਵੇਗੀ। ਇਸ ਤੋਂ ਬਾਅਦ ਨੀਤੀ ਲਾਗੂ ਕੀਤੀ ਜਾਵੇਗੀ।
ਨੀਤੀ ਬਣਾਉਂਦੇ ਸਮੇਂ ਕਿਸਾਨਾਂ ਨਾਲ ਸਬੰਧਤ ਹਰ ਮੁੱਦੇ ਨੂੰ ਛੂਹਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਫਾਇਦਾ ਹੋ ਸਕੇ। ਡਰਾਫਟ ਵਿੱਚ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਯੋਜਨਾ ਤਿਆਰ ਕਰਨ ਦੀ ਗੱਲ ਕੀਤੀ ਗਈ ਹੈ। ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫੀ ਯੋਜਨਾ ਤਿਆਰ ਕਰਨ ਦਾ ਵਿਚਾਰ ਵੀ ਖਰੜੇ ਵਿੱਚ ਸ਼ਾਮਲ ਕੀਤਾ ਗਿਆ ਹੈ।
ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ (ਪੀਡੀਐਸ) ਵਿੱਚ ਹੋਰ ਸੁਧਾਰ ਕਰਨ ਦੀ ਗੱਲ ਵੀ ਕੀਤੀ ਗਈ ਹੈ। ਖਰੜੇ ਵਿੱਚ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਏ। ਇਸ ਦੇ ਨਾਲ ਹੀ ਜੈਵਿਕ ਖੇਤੀ ਅਤੇ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।
ਨੀਤੀ ਵਿੱਚ ਔਰਤਾਂ ‘ਤੇ ਵੀ ਧਿਆਨ ਦਿੱਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਔਰਤਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਵੀ ਵਿਕਲਪਾਂ ਦੀ ਖੋਜ ਕੀਤੀ ਜਾਣੀ ਚਾਹੀਦੀ ਹੈ। ਪਿੰਡ ਦੀ ਸਾਂਝੀ ਜ਼ਮੀਨ ਠੇਕੇ ’ਤੇ ਲੈ ਕੇ ਖੇਤੀਬਾੜੀ ਦੇ ਕੰਮ ਵਿੱਚ ਲੱਗੀਆਂ ਔਰਤਾਂ ਨੂੰ ਪਹਿਲ ਦਿੱਤੀ ਜਾਵੇ।
Published on: ਸਤੰਬਰ 17, 2024 4:37 ਪੂਃ ਦੁਃ