ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਪੰਜਾਬ

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1-ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ, 48.7 ਲੱਖ ਰੁਪਏ ਦੀ ਡਰੱਗ ਮਨੀ ਅਤੇ ਸੋਨਾ ਕੀਤਾ ਬਰਾਮਦ

ਚੰਡੀਗੜ੍ਹ, 21 ਸਤੰਬਰ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ ਜਿਨ੍ਹਾਂ ਚੋ ਇੱਕ ਆਧੁਨਿਕ ਗਲੋਕ ਪਿਸਤੌਲ ਸਮੇਤ 62 ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗ੍ਰਾਮ ਸੋਨਾ ਅਤੇ ਇਲੈਕਟਰਾਨਿਕ ਉਪਕਰਣ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਨੈੱਟਵਰਕ ਚਲਾ ਰਹੇ ਸਨ ਅਤੇ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਰਗਰਮ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਕਰਨ ਤੋਂ ਬਾਅਦ ਦੋਸ਼ੀ ਵਿਅਕਤੀ ਹਵਾਲਾ ਰੂਟ ਰਾਹੀਂ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨੂੰ ਪੈਸੇ ਭੇਜਦੇ ਸਨ।

ਉਨ੍ਹਾਂ ਦੱਸਿਆ ਕਿ ਇਹਨਾਂ ਜਾਂਚ ਕਾਰਵਾਈਆਂ ਨੂੰ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਖੁਫ਼ੀਆ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਬਹੁਤ ਹੀ ਸੁਚੱਜੇ ਢੰਗ ਨਾਲ ਅੰਜਾਮ ਦਿੱੱਤਾ ਗਿਆ ਹੈ, ਜੋ ਕਿ ਅਪਰਾਧਿਕ ਨੈਟਵਰਕਾਂ ਨਾਲ ਨਜਿੱਠਣ ਲਈ ਏ.ਐਨ.ਟੀ.ਐਫ. ਦੀ ਰਣਨੀਤਕ ਪਹੁੰਚ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਇਸ ਬਾਬਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ, ਜਿਸ ਦੌਰਾਨ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਇਸ ਸਿੰਡੀਕੇਟ ਦੇ ਸਮੁੱਚੇ ਡਰੱਗ ਨੈਟਵਰਕ ਦਾ ਕੰਮ ਦੇਖ ਰਿਹਾ ਸੀ ਅਤੇ ਆਪਣੇ ਸੰਪਰਕਾਂ ਦੇ ਵਿਸ਼ਾਲ ਨੈਟਵਰਕ ਦੀ ਵਰਤੋਂ ਕਰਕੇ ਸੂਬੇ ਭਰ ਵਿੱਚ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਦਾ ਸੀ।

ਪੁਲਿਸ ਟੀਮਾਂ ਨੂੰ ਮੁਲਜ਼ਮ ਲਵਪ੍ਰੀਤ ਦੇ ਘਰ ਇੱਕ ਛੁਪਣਗਾਹ ਵਜੋਂ ਇੱਕ ਲੁਕਵੀਂ ਅਲਮਾਰੀ ਵੀ ਮਿਲੀ ਹੈ, ਜਿੱਥੇ ਉਹ ਨਸ਼ਿਆਂ ਅਤੇ ਹਵਾਲਾ ਮਨੀ ਨੂੰ ਲੁਕਾ ਕੇ ਰੱਖਣ ਤੋਂ ਇਲਾਵਾ ਆਪਣੇ ਲਈ ਸੁਰੱਖਿਅਤ ਪਨਾਹ ਵਜੋਂ ਵੀ ਵਰਤਦਾ ਸੀ।

ਇਸ ਸਬੰਧੀ ਪੁਲਿਸ ਥਾਣਾ ਏ.ਐਨ.ਟੀ.ਐਫ, ਐਸ.ਏ.ਐਸ.ਨਗਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 20 ਅਤੇ 21(ਸੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰ. 147 ਮਿਤੀ 20-09-2024 ਨੂੰ ਦਰਜ ਕੀਤੀ ਗਈ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।