ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ ‘ਚੋਂ 4 ਮੰਤਰੀਆਂ ਤੋਂ ਅਸਤੀਫੇ ਲੈ ਲਏ ਹਨ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਏ ਜਾਣ ਦੀ ਚਰਚਾ ਹੈ। ਇਹ ਵਿਧਾਇਕ ਅੱਜ ਸ਼ਾਮ 5 ਵਜੇ ਮੰਤਰੀ ਵਜੋਂ ਸਹੁੰ ਚੁੱਕਣਗੇ।
ਮੰਤਰੀ ਮੰਡਲ ਵਿੱਚ ਇਹ ਫੇਰਬਦਲ ਮੰਤਰੀਆਂ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਦੇ ਖੇਤਰਾਂ ਦੀਆਂ ਰਿਪੋਰਟਾਂ ਨੂੰ ਦੇਖਦਿਆਂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਨਵੇਂ ਚਿਹਰਿਆਂ ਨੂੰ ਸ਼ਾਮਲ ਕਰਦੇ ਹੋਏ ਜਾਤੀ ਸਮੀਕਰਨਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵੱਡੇ ਜ਼ਿਲ੍ਹਿਆਂ ਦੀ ਅਗਵਾਈ ਸੌਂਪੀ ਗਈ ਹੈ।
ਪੰਜਾਬ ਮੰਤਰੀ ਮੰਡਲ ਵਿੱਚੋਂ ਜਿਨ੍ਹਾਂ ਚਾਰ ਮੰਤਰੀਆਂ ਨੂੰ ਹਟਾਇਆ ਗਿਆ ਹੈ, ਉਨ੍ਹਾਂ ਵਿੱਚ ਬਲਕਾਰ ਸਿੰਘ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ ਅਤੇ ਬ੍ਰਹਮ ਸ਼ੰਕਰ ਜਿੰਪਾ ਸ਼ਾਮਲ ਹਨ।
ਇਸ ਤੋਂ ਇਲਾਵਾ ਮਹਿੰਦਰ ਭਗਤ ਨੂੰ ਮੰਤਰੀ ਬਣਾਏ ਜਾਣ ਦੀ ਚਰਚਾ ਹੈ।ਲਹਿਰਾ ਦੇ ਵਿਧਾਇਕ ਬਰਿੰਦਰ ਗੋਇਲ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਉਹ ਪੇਸ਼ੇ ਤੋਂ ਵਕੀਲ ਹਨ।ਉਧਰ ਸ਼ਾਮਚੁਰਾਸੀ ਦੇ ਵਿਧਾਇਕ ਡਾ: ਰਵਜੋਤ ਦੇ ਨਾਂ ਦੀ ਵੀ ਚਰਚਾ ਚੱਲ ਰਹੀ ਹੈ। ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆ ਅਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।