ਚੰਡੀਗੜ੍ਹ, 28 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੁਰਾਣੇ ਮੰਤਰੀ ਮੰਡਲ ਦਾ ਹਿੱਸਾ ਰਹੇ 5 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਹਨ। ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਨਵੇਂ ਨਿਯੁਕਤ ਮੰਤਰੀਆਂ ਨੂੰ ਰਿਹਾਇਸ਼ ਅਲਾਟ ਕੀਤੀ ਜਾ ਸਕੇ।
ਪੰਜਾਬ ਸਿਵਲ ਸਕੱਤਰੇਤ ਦੇ ਪ੍ਰਸ਼ਾਸਨਿਕ ਅਧਿਕਾਰੀ ਨੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੌੜਾਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਨੂੰ ਅਹੁਦੇ ਤੋਂ ਹਟਾਏ ਜਾਣ ਦੇ 15 ਦਿਨਾਂ ਦੇ ਅੰਦਰ ਸਰਕਾਰੀ ਰਿਹਾਇਸ਼ ਖਾਲੀ ਕਰਨੀ ਹੋਵੇਗੀ। ਇਸ ਲਈ ਮਕਾਨ ਖਾਲੀ ਕਰਕੇ ਲੋਕ ਨਿਰਮਾਣ ਵਿਭਾਗ ਨੂੰ ਸੌਂਪਿਆ ਜਾਵੇ ਤਾਂ ਜੋ ਨਵੇਂ ਬਣੇ ਮੰਤਰੀਆਂ ਨੂੰ ਮਕਾਨ ਅਲਾਟ ਕੀਤੇ ਜਾ ਸਕਣ।