ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ

ਪੰਜਾਬ

ਬਠਿੰਡਾ, 30 ਸਤੰਬਰ : ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਤੇ ਸਮੇਂ-ਸਿਰ ਲਿਫਟਿੰਗ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ, ਸੈੱਲਰ ਮਾਲਕਾਂ, ਆੜ੍ਹਤੀਆਂ, ਕੰਬਾਈਨ ਮਾਲਕਾਂ ਅਤੇ ਕਿਸਾਨ ਨੁਮਾਇੰਦਿਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆਂ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਇਆ ਜਾਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਪ੍ਰਬੰਧ ਕੀਤੇ ਜਾਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ।

ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕੰਬਾਇਨ ਮਾਲਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਨੂੰ ਨਾ ਕੱਟਣ। ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਪੂਰੇ ਸੀਜ਼ਨ ਲਈ ਜਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੀ ਝੋਨੇ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਰੂਪਪ੍ਰੀਤ, ਜ਼ਿਲ੍ਹਾ ਮੰਡੀ ਅਫਸਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਕਿਸਾਨਾਂ, ਸੈੱਲਰ ਮਾਲਕਾਂ, ਕੰਬਾਈਨ ਮਾਲਕਾਂ ਅਤੇ ਆੜ੍ਹਤੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Latest News

Latest News

Leave a Reply

Your email address will not be published. Required fields are marked *