ਚੰਡੀਗੜ੍ਹ, 1 ਅਕਤੂਬਰ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਅਹਿਮ ਮੀਟਿੰਗ ਕਰਨਗੇ।ਫਸਲਾਂ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਉਕਤ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ 1 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਮੀਟਿੰਗ ਤੋਂ ਬਾਅਦ ਫਸਲਾਂ ਦੀ ਖਰੀਦ ਸਬੰਧੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।
ਜਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਯਾਨੀ ਸੋਮਵਾਰ ਨੂੰ ਸੀਐਮ ਮਾਨ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਸੀ। ਉਕਤ ਮੀਟਿੰਗ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਾਰੇ ਡੀ.ਸੀਜ. ਨੂੰ ਹਦਾਇਤਾਂ ਕੀਤੀਆਂ ਗਈਆਂ।ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਏਗਾ, ਜਿਸ ਲਈ ‘ਉਨੱਤ ਕਿਸਾਨ’ ਐਪ ਲਾਂਚ ਕੀਤੀ ਗਈ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਯਾਨੀ ਅੱਜ ਤੋਂ ਸ਼ੁਰੂ ਹੋ ਰਹੀ ਹੈ। ਅੱਜ ਤੋਂ ਝੋਨੇ ਦੀ ਫਸਲ ਦੀ ਵਿਕਰੀ ਸ਼ੁਰੂ ਹੋ ਜਾਵੇਗੀ। ਕਿਸਾਨ ਅੱਜ ਤੋਂ ਆਪਣੀ ਝੋਨੇ ਦੀ ਫਸਲ ਸਰਕਾਰ ਨੂੰ ਵੇਚ ਸਕਣਗੇ।
Published on: ਅਕਤੂਬਰ 1, 2024 11:06 ਪੂਃ ਦੁਃ