ਕਪੂਰਥਲਾ, 2 ਅਕਤੂਬਰ, ਦੇਸ਼ ਕਲਿਕ ਬਿਊਰੋ :
ਕਪੂਰਥਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।ਪਰਿਵਾਰਕ ਮੈਂਬਰਾਂ ਨੇ 32 ਸਾਲਾ ਗੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੂਕਾ ਤਲਵੰਡੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ।
ਗੁਰਜੀਤ ਦੇ ਚਾਚੇ ਨੇ ਦੱਸਿਆ ਕਿ ਉਸਦਾ ਭਤੀਜਾ ਗੁਰਜੀਤ ਸਿੰਘ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿੰਦਾ ਸੀ ਅਤੇ 6 ਮਹੀਨੇ ਪਹਿਲਾਂ ਪੰਜਾਬ ਤੋਂ ਉੱਥੇ ਗਿਆ ਸੀ ਅਤੇ ਹੁਣ ਉਸਨੇ ਪੰਜਾਬ ਆਉਣਾ ਸੀ, ਕਿਉਂਕਿ ਉਸਦਾ ਵਿਆਹ 18 ਅਕਤੂਬਰ ਨੂੰ ਸੀ।
ਉਸਦੇ ਚਾਚਾ ਨੇ ਦੱਸਿਆ ਕਿ ਗੁਰਜੀਤ ਆਪਣਾ ਸਾਮਾਨ ਪੈਕ ਕਰ ਰਿਹਾ ਸੀ ਅਤੇ ਕੱਲ੍ਹ ਪੰਜਾਬ ਆਉਣ ਲਈ ਫਲਾਈਟ ਵਿੱਚ ਚੜ੍ਹਨ ਦੀ ਤਿਆਰੀ ਕਰ ਰਿਹਾ ਸੀ। ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ ਉਹ ਆਪਣੇ ਦੋਸਤ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਿਆ। ਜਿੱਥੇ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ।
ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਚਾਚਾ ਹਰਜਿੰਦਰ ਨੇ ਦੱਸਿਆ ਕਿ ਘਰ ਵਿੱਚ ਉਸ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ।
Published on: ਅਕਤੂਬਰ 2, 2024 11:04 ਪੂਃ ਦੁਃ