ਮੋਗਾ, 4 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਸ਼ੁੱਕਰਵਾਰ ਆਖਰੀ ਦਿਨ ਸੀ। ਪਿਛਲੇ ਦੋ ਦਿਨਾਂ ਤੋਂ ਸਰਕਾਰੀ ਛੁੱਟੀਆਂ ਹੋਣ ਕਾਰਨ ਅੱਜ ਸਵੇਰ ਤੋਂ ਹੀ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਲੋਕਾਂ ਦੀ ਭੀੜ ਲੱਗੀ ਰਹੀ। ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ ਪਰ ਅੱਜ ਸ਼ੁੱਕਰਵਾਰ ਸਵੇਰੇ 11 ਵਜੇ ਮੋਗਾ ਦੇ ਕੋਟ ਈਸੇ ਖਾਂ ਵਿਖੇ ਨਾਮਜ਼ਦਗੀਆਂ ਦਾਖ਼ਲ ਕਰਨ ਆਏ ਲੋਕ ਆਪਸ ਵਿੱਚ ਭਿੜ ਗਏ।
ਨਾਮਜ਼ਦਗੀਆਂ ਭਰਨ ਤੋਂ ਰੋਕਣ ਦੇ ਇਕ-ਦੂਜੇ ‘ਤੇ ਦੋਸ਼ ਲਾਏ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ।ਜਾਣਕਾਰੀ ਅਨੁਸਾਰ 12 ਵਜੇ ਦੇ ਕਰੀਬ ਮੋਗਾ ਦੇ ਲੰਡੇਕੇ ਨਾਮਜ਼ਦਗੀ ਸੈਂਟਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਕਤਾਰ ‘ਚ ਖੜ੍ਹੇ ਲੋਕਾਂ ਦੀਆਂ ਨਾਮਜ਼ਦਗੀਆਂ ਦੀਆਂ ਫਾਈਲਾਂ ਖੋਹ ਲਈਆਂ, ਉਨ੍ਹਾਂ ਨੂੰ ਪਾੜ ਕੇ ਸੜਕ ‘ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਕੁਝ ਲੋਕਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ।ਇਸ ਦੌਰਾਨ ਲੋਕ ਜ਼ਖਮੀ ਵੀ ਹੋਏ ਹਨ। ਇਸ ਮੌਕੇ ਕੁਝ ਲੋਕ ਤੇਜ਼ਧਾਰ ਹਥਿਆਰਾਂ ਨਾਲ ਲੈਸ ਵੀ ਦਿਖਾਈ ਦਿੱਤੇ।
ਭਾਰੀ ਪੁਲਿਸ ਫੋਰਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ। ਭੀੜ ਨੂੰ ਖਿੰਡਾਉਣ ਲਈ ਪੁਲਿਸ ਨੂੰ ਹਲਕਾ ਲਾਠੀਚਾਰਜ ਵੀ ਕਰਨਾ ਪਿਆ।