ਮੋਹਾਲੀ, 4 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਇਕ ਵਿਅਕਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ 45 ਸਾਲਾ ਕਰਮਬੀਰ ਸਿੰਘ ਅੱਜ ਸਵੇਰੇ ਆਪਣੀ ਇਕ ਰਿਸ਼ਤੇਦਾਰ ਮਹਿਲਾ ਨੂੰ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਬਾਈਕ ਉਤੇ ਆਏ ਕੁਝ ਵਿਅਕਤੀਆਂ ਨੇ ਘੇਰ ਕੇ ਉਸ ਉਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਕਰਮਬੀਰ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਇੱਕ ਨਿੱਜੀ ਕੰਪਨੀ ਵਿੱਚ ਸੁਰੱਖਿਆ ਕਰਮੀ ਵਜੋਂ ਕੰਮ ਕਰਦਾ ਸੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਸਰਕਾਰੀ ਹਸਪਤਾਲ ਭੇਜ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।