ਨਵੀਂ ਦਿੱਲੀ, 5 ਅਕਤੂਬਰ, ਦੇਸ਼ ਕਲਿਕ ਬਿਊਰੋ :
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਮਹਾਰਾਸ਼ਟਰ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਅਸਾਮ ਅਤੇ ਦਿੱਲੀ ‘ਚ 22 ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਹੈ। NIA ਨੇ ਇੱਕ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਹੈ। ਇਸ ਵਿੱਚ ਕਈ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। NIA ਨੂੰ ਸ਼ੱਕ ਹੈ ਕਿ ਹਿਰਾਸਤ ‘ਚ ਲਏ ਗਏ ਲੋਕਾਂ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸਬੰਧ ਹਨ।
ਮਹਾਰਾਸ਼ਟਰ ਦੇ ਮਾਲੇਗਾਓਂ, ਜਾਲਨਾ ਅਤੇ ਸੰਭਾਜੀਨਗਰ ਵਿੱਚ ਐਨਆਈਏ ਦੀ ਛਾਪੇਮਾਰੀ ਦੌਰਾਨ ਏਟੀਐਸ ਦੀ ਟੀਮ ਵੀ ਮੌਕੇ ’ਤੇ ਪਹੁੰਚੀ। NIA ਨੇ ਮਾਲੇਗਾਓਂ ਦੇ ਇੱਕ ਹੋਮਿਓਪੈਥੀ ਕਲੀਨਿਕ ਤੋਂ 3 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਜਾਲਨਾ ਤੋਂ ਵੀ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਤੋਂ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਜਿਸ ਵਿਅਕਤੀ ਦੇ ਘਰ ਛਾਪਾ ਮਾਰਿਆ ਗਿਆ, ਉਸ ਦਾ ਨਾਂ ਇਕਬਾਲ ਭੱਟ ਹੈ। ਉਸ ‘ਤੇ ਅੱਤਵਾਦੀ ਫੰਡਿੰਗ ਦਾ ਦੋਸ਼ ਹੈ। ਇਸ ਤੋਂ ਇਲਾਵਾ ਕਸ਼ਮੀਰ ‘ਚ ਕੁਝ ਹੋਰ ਥਾਂਵਾਂ ‘ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।