ਚੰਡੀਗੜ੍ਹ, 7 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਹੁਣ 8 ਅਕਤੂਬਰ ਨੂੰ ਗਿਣਤੀ ਹੋਵੇਗੀ। ਅੱਜ ਇਸ ਸਬੰਧੀ ਰਿਹਰਸਲ ਵੀ ਹੋਵੇਗੀ। ਈਵੀਐਮ ਮਸ਼ੀਨਾਂ ਨੂੰ 53 ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਈਵੀਐਮ ਨੂੰ ਸੁਰੱਖਿਅਤ ਰੱਖਣ ਲਈ ਤਿੰਨ ਪਰਤੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਪੁਲੀਸ ਅਧਿਕਾਰੀ ਕਿਸ਼ਨ ਚੰਦ ਨੇ ਦੱਸਿਆ ਕਿ ਪਹਿਲੀ ਪਰਤ ਵਿੱਚ ਆਈਟੀਬੀਪੀ, ਦੂਜੀ ਪਰਤ ਵਿੱਚ ਹਥਿਆਰਬੰਦ ਬਲ ਅਤੇ ਤੀਜੀ ਪਰਤ ਵਿੱਚ ਹਰਿਆਣਾ ਪੁਲੀਸ ਦੇ ਮੁਲਾਜ਼ਮ ਹਨ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਰਾਹੀਂ ਹਰ ਸਟਰਾਂਗ ਰੂਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਵਿਧਾਨ ਸਭਾ ਚੋਣਾਂ ਲੜ ਰਹੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਅਧਿਕਾਰਤ ਏਜੰਟ ਵੀ ਕੰਟਰੋਲ ਰੂਮ ਵਿੱਚ ਲੱਗੇ ਸੀਸੀਟੀਵੀ ਰਾਹੀਂ ਸਾਰੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਕਈ ਜ਼ਿਲ੍ਹਿਆਂ ਵਿੱਚ ਕਾਂਗਰਸ ਅਤੇ ਹੋਰ ਪਾਰਟੀਆਂ ਨੇ ਵੀ ਈਵੀਐਮ ਦੀ ਸੁਰੱਖਿਆ ਨੂੰ ਲੈ ਕੇ ਆਪਣੇ ਪੱਧਰ ’ਤੇ ਪ੍ਰਬੰਧ ਕੀਤੇ ਹਨ।