ਪੰਚਾਇਤ / ਸਹਿਕਾਰੀ ਸਭਾਵਾਂ ਵੱਲੋਂ ਛੋਟੇ ਕਿਸਾਨਾਂ ਤੋਂ ਮਸ਼ੀਨਰੀ ਦਾ ਕਿਰਾਇਆ ਨਹੀਂ ਲਿਆ ਜਾਵੇਗਾ
– ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
– ਪਿੰਡ/ਕਲੱਸਟਰ ਪੱਧਰ ਤੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਰੱਖੀ ਜਾਵੇਗੀ ਖਾਸ ਨਜ਼ਰ
ਫ਼ਰੀਦਕੋਟ 08 ਅਕਤੂਬਰ,2024, ਦੇਸ਼ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਆਨਲਾਈਨ ਮਾਧਿਅਮ ਰਾਹੀਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਲਗਾਏ ਨੋਡਲ ਅਫਸਰ, ਕਲੱਸਟਰ ਅਫ਼ਸਰ, ਪੁਲਿਸ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਵਿਭਾਗ ਅਤੇ ਹੋਰ ਸਟੇਕ ਹੋਲਡਰ ਵਿਭਾਗਾਂ ਨਾਲ ਮੀਟਿੰਗ ਕੀਤੀ । ਉਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਫੀਲਡ ਵਿੱਚ ਪੂਰੀ ਤਨਦੇਹੀ ਨਾਲ ਡਿਊਟੀ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜ੍ਹਨ ਸਬੰਧੀ ਜਾਗਰੂਕ ਕਰਨ ਤੋਂ ਇਲਾਵਾ ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਉੱਪਰ ਬਣਦੀ ਕਾਨੂੰਨੀ ਕਾਰਵਾਈ ਵੀ ਕਰਨ ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਜਿਲੇ ਵਿੱਚ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਵਾਤਾਵਰਣ ਦੀ ਸੰਭਾਲ ਸਬੰਧੀ ਪਿਛਲੇ ਕਈ ਦਿਨਾਂ ਤੋਂ ਸਮੁੱਚੇ ਜਿਲ੍ਹੇ ਵਿੱਚ ਜਾਗਰੂਕਤਾ ਲਹਿਰ ਚਲਾਈ ਜਾ ਰਹੀ ਹੈ ਅਤੇ ਇਸ ਦੇ ਇਲਾਵਾ ਸੋਸ਼ਲ ਮੀਡੀਆ ਰਾਹੀਂ, ਪ੍ਰਚਾਰ ਵੈਨਾਂ ਤੇ ਪ੍ਰੈਸ ਰਾਹੀਂ ਕਿਸਾਨਾਂ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨਾਂ ਨੂੰ ਵਾਰ-ਵਾਰ ਅਪੀਲਾਂ ਵੀ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਵੱਧ ਤੋਂ ਵੱਧ ਚਾਲਾਨ ਕੱਟੇ ਜਾਣ ਅਤੇ ਇਸ ਸਬੰਧੀ ਪਿੰਡ ਦੇ ਗੁਰਦੁਆਰਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗੂਰਕ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਗ ਲਗਾਉਣ ਵਾਲੇ ਕਿਸਾਨ ਨੂੰ ਜੁਰਮਾਨੇ ਦੇ ਨਾਲ ਨਾਲ ਉਨ੍ਹਾਂ ਦੇ ਜਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਨੋਡਲ ਅਫਸਰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਛਪਵਾਏ ਪੈਂਫਲਿਟਸ ਹਰੇਕ ਕਿਸਾਨ ਤੱਕ ਪਹੁੰਚਾਉਣ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਪ੍ਰਸ਼ਾਸ਼ਨ ਪਰਾਲੀ ਪ੍ਰਬੰਧਨ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਸਮੂਹ ਨੋਡਲ ਅਫਸਰ ਬਿਨਾਂ ਕਿਸੇ ਡਰ ਦੇ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਮਸ਼ੀਨਰੀ ਦੀ ਉਪਲਬਧੀ ਅਤੇ ਕਿਰਾਏ ਸਬੰਧੀ ਲਿਸਟ ਵੀ ਪਿੰਡਾਂ ਵਿੱਚ ਲਗਾਈ ਜਾਵੇ। ਉਨ੍ਹਾਂ ਕਿਹਾ ਸਬਸਿਡੀ ਵਾਲੀ ਮਸ਼ੀਨਰੀ ਪਿੰਡ ਦੀ ਸਾਂਝੀ ਥਾਂ ਤੇ ਰੱਖੀ ਜਾਵੇ ਤਾਂ ਜੋ ਕੋਈ ਵੀ ਕਿਸਾਨ ਉਸ ਦੀ ਕਿਰਾਏ ਤੇ ਵਰਤੋਂ ਕਰ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤ / ਸਹਿਕਾਰੀ ਸਭਾਵਾਂ ਵੱਲੋਂ ਦਿੱਤੀ ਜਾਣ ਵਾਲੇ ਮਸ਼ੀਨਰੀ ਲਈ ਛੋਟੇ ਕਿਸਾਨਾਂ ਤੋਂ ਕਿਰਾਇਆ ਨਹੀਂ ਲਿਆ ਜਾਵੇਗਾ ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜੇਕਰ ਮਸ਼ੀਨਰੀ ਦੀ ਦਿੱਕਤ ਆਉਂਦੀ ਹੈ ਤਾਂ ਉਹ ਨੋਡਲ ਅਫ਼ਸਰ ਸ੍ਰੀ ਅਮਨ ਕੇਸ਼ਵ ਪ੍ਰੋਜੈਕਟ ਡਾਇਰਕੈਟਰ ਆਤਮਾ ਫਰੀਦਕੋਟ (81647-55422), ਸ੍ਰੀ ਗੁਰਿੰਦਰਪਾਲ ਸਿੰਘ ਖੇਤੀਬਾੜੀ ਅਫਸਰ, ਫਰੀਦਕੋਟ (95305-41497), ਸ੍ਰੀ ਰੁਪਿੰਦਰ ਸਿੰਘ, ਖੇਤੀਬਾੜੀ ਅਫਸਰ, ਫਰੀਦਕੋਟ ( 83273-11711), ਸ੍ਰੀ ਅਕਸ਼ਿਤ ਜੈਨ, ਸਹਾਇਤ ਖੇਤੀਬਾੜੀ ਇੰਜੀਨੀਅਰ, ਫਰੀਦਕੋਟ (95306-09090) ਨਾਲ ਸੰਪਰਕ ਕਰ ਸਕਦੇ ਹਨ । ਇਹ ਨੋਡਲ ਅਧਿਕਾਰੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਗੇ ।