ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਬਾਲਾ ਵਿੱਚ ਇੱਕ ਜੱਜ ਦੇ ਘਰ ਵਿੱਚ ਹੋਈ ਚੋਰੀ ਅਤੇ ਅੱਗਜ਼ਨੀ ਦੀ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ। ਹਾਈ ਕੋਰਟ ਦੇ ਜਸਟਿਸ ਰਾਜੇਸ਼ ਭਾਰਦਵਾਜ ਅਤੇ ਸੰਜੀਵ ਬੇਰੀ ਦੀ ਬੈਂਚ ਨੇ ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਤੋਂ ਇਸ ਮਾਮਲੇ ‘ਤੇ ਵਿਸਤ੍ਰਿਤ ਸਥਿਤੀ ਰਿਪੋਰਟ ਤਲਬ ਕੀਤੀ ਹੈ।ਅਦਾਲਤ ਨੇ ਹੁਕਮ ਦਿੱਤਾ ਹੈ ਕਿ ਇਹ ਰਿਪੋਰਟ 14 ਅਕਤੂਬਰ ਨੂੰ ਜਾਂ ਇਸ ਤੋਂ ਪਹਿਲਾਂ ਹਾਈ ਕੋਰਟ ਨੂੰ ਸੌਂਪੀ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ ਵੀ 14 ਅਕਤੂਬਰ ਨੂੰ ਤੈਅ ਕੀਤੀ ਗਈ ਹੈ।
ਅੰਬਾਲਾ ਵਿੱਚ ਜੱਜ ਦੇ ਘਰ ਵਿੱਚ ਹੋਈ ਚੋਰੀ ਅਤੇ ਅੱਗਜ਼ਨੀ ਦੀ ਘਟਨਾ ਨੇ ਨਿਆਂਪਾਲਿਕਾ ਵਿੱਚ ਸੁਰੱਖਿਆ ਨੂੰ ਲੈ ਕੇ ਡੂੰਘੀਆਂ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਇਸ ਮਾਮਲੇ ਵਿੱਚ ਅੰਬਾਲਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਹਾਈ ਕੋਰਟ ਨੂੰ ਪੱਤਰ ਲਿਖ ਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ ਅਤੇ ਜੱਜਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਜੱਜ ਦੇ ਰਿਹਾਇਸ਼ੀ ਘਰ ਵਿੱਚ ਚੋਰੀ ਅਤੇ ਅੱਗਜ਼ਨੀ ਵਰਗੀਆਂ ਗੰਭੀਰ ਘਟਨਾਵਾਂ ਵਾਪਰ ਸਕਦੀਆਂ ਹਨ ਤਾਂ ਇਹ ਨਿਆਂਪਾਲਿਕਾ ਦੀ ਸੁਰੱਖਿਆ ਲਈ ਵੱਡਾ ਸਵਾਲ ਖੜ੍ਹਾ ਕਰਦਾ ਹੈ।
ਇਸ ਪੱਤਰ ਨੂੰ ਜਨਹਿੱਤ ਪਟੀਸ਼ਨ (ਪੀਆਈਐਲ) ਵਜੋਂ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਡੀਜੀਪੀ ਹਰਿਆਣਾ ਨੂੰ ਘਟਨਾ ਦੀ ਪੂਰੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜੱਜਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ ਅਤੇ ਪੁਲੀਸ ਪ੍ਰਸ਼ਾਸਨ ਇਸ ਸਬੰਧੀ ਹਾਈ ਕੋਰਟ ਨੂੰ ਸੂਚਿਤ ਕਰੇ।