ਬਠਿੰਡਾ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਬਠਿੰਡਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 9 ਅਕਤੂਬਰ ਅਤੇ 10 ਅਕਤੂਬਰ ਨੂੰ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਪਿੰਡ ਵਿੱਚ ਸ਼ਰਾਬ ਦੇ ਠੇਕੇ ਵੀ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 9 ਤੇ 10 ਅਕਤੂਬਰ 2024 ਨੂੰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 9 ਅਤੇ 10 ਅਕਤੂਬਰ, 2024 ਨੂੰ ਦੇਸ਼ੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਅਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ।
ਜ਼ਿਕਰਯੋਗ ਹੈ ਕਿ ਤਹਿਸੀਲ ਮੌੜ ਅਧੀਨ ਪੈਂਦੇ ਪਿੰਡ ਮਾਈਸਰਖਾਨਾਖੇ 9 ਅਤੇ 10 ਅਕਤੂਬਰ2024 ਨੂੰ ਧਾਰਮਿਕ ਮੇਲਾ ਲੱਗ ਰਿਹਾ ਹੈ। ਇਸ ਮੇਲੇ ਕਰਕੇ ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮ ਅਨੁਸਾਰ ਪਿੰਡ ਮਾਈਸਰਖਾਨਾ ਵਿਖੇ ਲੱਗਣ ਵਾਲੇ ਇਸ ਧਾਰਮਿਕ ਮੇਲੇ ਵਿੱਚ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਪਹੁੰਚਦੇ ਹਨ, ਜਿਸ ਕਰਕੇ ਕਸਬੇ ਵਿਚ ਬਹੁਤ ਭੀੜ ਹੋ ਜਾਂਦੀ ਹੈ। ਮੇਲੇ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ।