ਮਨੁੱਖਤਾ ਲਈ ਪੈਦਾ ਹੋਣ ਵਾਲੇ ਖ਼ਤਰੇ ਵਿਰੁੱਧ ਵਿੱਢੀ ਲੜਾਈ ਵਿੱਚ ਮੋਹਰੀ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਕੀਤੀ ਸ਼ਲਾਂਘਾ
ਮਾਲੇਰਕੋਟਲਾ 09 ਅਕਤੂਬਰ : ਦੇਸ਼ ਕਲਿੱਕ ਬਿਓਰੋ
ਪਰਾਲੀ ਸਾੜਨ ਤੋਂ ਗੁਰੇਜ਼ ਕਰਕੇ ਬਹੁਮੱਲੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ ਅਤੇ ਮਨੁੱਖਤਾ ਲਈ ਪੈਦਾ ਹੋਣ ਵਾਲੇ ਖ਼ਤਰੇ ਵਿਰੁੱਧ ਵਿੱਢੀ ਲੜਾਈ ਵਿੱਚ ਮੋਹਰੀ ਯੋਗਦਾਨ ਪਾਉਣ ਵਾਲੇ 100 ਅਗਾਂਹਵਧੂ ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਸਮਾਗਮ ਦੌਰਾਨ ਸਨਮਾਨਿਤ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਵਤਾਵਰਣ ਦੀ ਸ਼ੁੱਧਤਾ ਲਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਯੋਗ ਨਿਪਟਾਰਾ ਕਰਨ ਵਾਲੇ ਕਿਸਾਨ ਜ਼ਿਲ੍ਹੇ ਦੇ ਦੂਜੇ ਕਿਸਾਨਾਂ ਲਈ ਚਾਨਣ ਦੇ ਮੁਨਾਰੇ ਦਾ ਕੰਮ ਕਰਨਗੇ ।
ਵਧੀਕ ਡਿਪਟੀ ਕਮਿਸ਼ਨਰ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਸਾਲ 2023 ਵਿੱਚ ਸਾਲ 2022 ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 39 ਫੀਸਦੀ ਗਿਰਾਵਟ ਆਈ ਸੀ। ਉਨ੍ਹਾਂ ਕਿਹਾ ਕਿ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾ ਕੇ ਕਿਸਾਨਾਂ ਦੇ ਸਹਿਯੋਗ ਨਾਲ ਅੱਗਾਂ ਦੀਆਂ ਘਟਨਾਵਾਂ ਨੂੰ ਨਿਲ ਕੀਤਾ ਜਾਵੇਗਾ । ਉਨ੍ਹਾਂ ਹੋਰ ਕਿਹਾ ਕਿ ਖੇਤਾਂ ‘ਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਹਨ, ਇਸ ਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਤਾਂ ਉਸ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀ ਧਰਤੀ ਮਾਂ ਦੀ ਸਿਹਤ ਸੰਭਾਲ ਕਰੀਏ । ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਅਜਿਹੀ ਵਿਧੀ ਅਪਣਾਉਣ ਲਈ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਰਾਲੀ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਵਾਲੇ ਕਿਸਾਨਾਂ ਦੀ ਗਿਣਤੀ ਵਿੱਚ ਇਜ਼ਾਫਾ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਅਤੇ ਵਾਤਾਵਰਣ ਲਈ ਖ਼ਤਰੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਪ੍ਰਸਾਰਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾ ਕੇ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ (ਨਿਲ) ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੇ ਵਾਤਾਵਰਣ ਪੱਖੀ ਨਿਬੇੜੇ ਲਈ ਸਰਕਾਰ ਵੱਲੋਂ ਆਧੁਨਿਕ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਾਈ ਜਾ ਰਹੀ ਹੈ।
ਪੰਜਾਬ ਸਰਕਾਰ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁਤ ਗੰਭੀਰਤਾ ਨਾਲ ਯਤਨਸ਼ੀਲ ਹੈ ਅਤੇ ਹਰ ਪੱਧਰ ‘ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਉਦਯੋਗਾਂ ਅਤੇ ਭੱਠਿਆਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਹੈ ਕਿ ਉਹ ਪਰਾਲੀ ਨੂੰ ਬਾਲਣ ਵਜੋਂ ਵਰਤਣ ਪਰੰਤੂ ਇਸ ਨਾਲ ਪਰਾਲੀ ਦਾ ਕੁਝ ਹਿੱਸਾ ਹੀ ਨਿਪਟਾਇਆ ਜਾ ਸਕਦਾ ਹੈ ਜਦਕਿ ਪਰਾਲੀ ਦੇ 80 ਫ਼ੀਸਦੀ ਹਿੱਸੇ ਦਾ ਕਿਸਾਨਾਂ ਦੇ ਸਹਿਯੋਗ ਬਿਨਾਂ ਨਿਪਟਾਰਾ ਸੰਭਵ ਨਹੀਂ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਨਾਂ ਅੱਗ ਲਗਾਏ ਪਰਾਲੀ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਨਵੀਂਆਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ ਨੇ ਕਿਸਾਨਾਂ ਨੂੰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਸਬਸਿਡੀ ਤੇ ਖਰੀਦਣ ਲਈ ਅਤੇ ਖੇਤੀ ਉਪਕਰਨਾਂ ਦੀ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਅਫ਼ਸਰ,ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਨ । ਇਸ ਮੌਕੇ ਕੇ.ਵੀ.ਕੇ. ਦੇ ਇੰਜ.ਸੁਨੀਲ ਕੁਮਾਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਆਧੁਨਿਕ ਮਸ਼ੀਨਰੀ ਦੀ ਵਰਤੋਂ ਸਬੰਧੀ ਜਾਣਕਾਰੀ ਸਾਂਝੀ ਕੀਤੀ ।