ਪੰਜਾਬ ‘ਚ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 24 ਘੰਟਿਆਂ ਵਿੱਚ ਖਰੀਦੀ ਜਾ ਰਹੀ ਫਸਲ
ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ
ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ
ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਅਧਿਕਾਰੀਆਂ ਤੋਂ ਖਰੀਦ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਝੋਨੇ ਦੇ ਇੱਕ-ਇੱਕ ਦਾਣੇ ਦੀ ਲਿਫਟਿੰਗ ਲਈ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਉਣਗੇ।
ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਝੋਨੇ ਦੀ ਚੱਲ ਰਹੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਵੱਲ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਇਸ ਮਾਮਲੇ ‘ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਲਈ ਉਨ੍ਹਾਂ ਤੋਂ ਸਮਾਂ ਮੰਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਮਿੱਲਰਾਂ ਅਤੇ ਆੜ੍ਹਤੀਆਂ ਦੇ ਮਸਲੇ ਉਠਾਉਣਗੇ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਫਸਲ ਦੀ ਕੀਤੀ ਜਾ ਰਹੀ ਅਦਾਇਗੀ ਦੇ ਨਾਲ-ਨਾਲ ਮੰਡੀਆਂ ਵਿੱਚ ਚੱਲ ਰਹੀ ਖਰੀਦ ਅਤੇ ਲਿਫਟਿੰਗ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਆ ਚੁੱਕਾ ਹੈ ਅਤੇ ਹੁਣ ਤੱਕ ਕਿਸਾਨਾਂ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ 24 ਘੰਟਿਆਂ ਦੇ ਅੰਦਰ ਫਸਲ ਖਰੀਦੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਉਹ ਪੂਰੀ ਖਰੀਦ ਪ੍ਰਕਿਰਿਆ ਦੀ ਖੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਨਾਜ ਦੀ ਨਿਰਵਿਘਨ ਅਤੇ ਪਾਰਦਰਸ਼ੀ ਖਰੀਦ ਨੂੰ ਯਕੀਨੀ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਨਿਰਵਿਘਨ ਖਰੀਦ ਲਈ ਢੁਕਵੀਂ ਵਿਵਸਥਾ ਨੂੰ ਯਕੀਨੀ ਬਣਾ ਕੇ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਪਹੁੰਚਦਿਆਂ ਹੀ ਖਰੀਦ ਕਰਨ ਵਾਸਤੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਕਰਨ ਲਈ ਵਿਸ਼ੇਸ਼ ਵਿਧੀ ਵਿਕਸਿਤ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਦੀ ਵਿਕਰੀ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫਸਲ ਦੀ ਤੁਰੰਤ ਖਰੀਦ ਅਤੇ ਲਿਫਟਿੰਗ ਯਕੀਨੀ ਬਣਾਈ ਜਾਵੇ।