ਹੁਣ ਤੋਂ ਖੇਤਾਂ ਚ ਹੋਰ ਅੱਗ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ

ਪੰਜਾਬ

ਡਿਊਟੀ ‘ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਐਸ.ਐਚ.ਓਜ਼ ਖਿਲਾਫ਼ ਅਦਾਲਤ ‘ਚ ਕੇਸ ਦਾਇਰ ਕੀਤੇ ਜਾਣਗੇ

ਐਸ.ਏ.ਐਸ.ਨਗਰ, 13 ਅਕਤੂਬਰ, 2024, ਦੇਸ਼ ਕਲਿੱਕ ਬਿਓਰੋ :

ਲੰਘੇ ਕਲ੍ਹ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸੀਨੀਅਰ ਪੁਲੀਸ ਕਪਤਾਨ ਅਤੇ ਤਾਇਨਾਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ਸੱਦੀ।
ਸਾਰੇ ਭਾਗੀਦਾਰਾਂ ਨੂੰ ਸਖ਼ਤ ਸੰਕੇਤ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੋਂ ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਸਬੰਧਤ ਐਸ ਐਚ ਓ/ਬੀਟ ਅਫਸਰ ਖ਼ਿਲਾਫ਼ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਾਲੀਆ ਹਦਾਇਤਾਂ ਅਨੁਸਾਰ ਅਦਾਲਤ ਚ ਕੇਸ ਦਾਇਰ ਕੀਤੇ ਜਾਣਗੇ। ਕਮਿਸ਼ਨ ਨੇ 10 ਅਕਤੂਬਰ, 2024 ਦੇ ਆਪਣੇ ਆਦੇਸ਼ ਵਿੱਚ ਕਿਹਾ ਹੈ, “ਸੈਕਸ਼ਨ ਐਲ 4(2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਕਮਿਸ਼ਨ, ਪੰਜਾਬ, ਹਰਿਆਣਾ, ਐਨ.ਸੀ.ਆਰ ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਖੇਤਰ ਅਤੇ ਦਿੱਲੀ ਦੇ ਐਨ ਸੀ ਟੀ ਵਿੱਚ ਤਾਇਨਾਤ ਡਿਪਟੀ ਕਮਿਸ਼ਨਰ/ਜ਼ਿਲ੍ਹਾ ਕੁਲੈਕਟਰ/ਜ਼ਿਲ੍ਹਾ ਮੈਜਿਸਟ੍ਰੇਟ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਨੂੰ ਰੋਕਣ ਲਈ ਵੱਖ-ਵੱਖ ਪੱਧਰਾਂ ਅਤੇ ਸਟੇਸ਼ਨਾਂ ‘ਤੇ ਤਾਇਨਾਤ ਨੋਡਲ ਅਫ਼ਸਰ, ਸੁਪਰਵਾਈਜ਼ਰੀ ਅਫ਼ਸਰ ਅਤੇ ਸਟੇਸ਼ਨ ਹਾਊਸ ਅਫਸਰ, ਜੋ ਕਿ ਇਨ੍ਹਾਂ ਰੋਕ ਦੇ ਹੁਕਮਾਂ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿੰਮੇਵਾਰ ਹਨ, ਦੀ ਅਯੋਗਤਾ ਦੇ ਸਬੰਧ ਵਿੱਚ ਇਲਾਕਾ ਜੁਡੀਸ਼ੀਅਲ ਮੈਜਿਸਟਰੇਟ ਕੋਲ ਸ਼ਿਕਾਇਤ / ਮੁਕੱਦਮਾ ਦਰਜ ਕਰਨ ਲਈ ਅਧਿਕਾਰਤ ਕੀਤਾ ਜਾਂਦਾ ਹੈ।”
ਡਿਪਟੀ ਕਮਿਸ਼ਨਰ ਨੇ ਕੱਲ੍ਹ ਵਾਪਰੀਆਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦਾ ਘਟਨਾਕ੍ਰਮ ਵਾਰ ਜਾਇਜ਼ਾ ਲੈਂਦਿਆਂ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਰੇ ਜ਼ਿੰਮੇਵਾਰ ਵਿਅਕਤੀਆਂ ਸਮੇਤ ਅਧਿਕਾਰੀਆਂ ਨੂੰ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਉਲੰਘਣਾ ‘ਤੇ ਜਵਾਬ ਦਾਇਰ ਕਰਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਵੱਡੀ ਗਿਣਤੀ ਵਿੱਚ ਪ੍ਰਬੰਧ ਹੋਣ ਦੇ ਬਾਵਜੂਦ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਬਰਦਾਸ਼ਤ ਕਰਨ ਯੋਗ ਨਹੀਂ ਹਨ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਕਿਸਾਨਾਂ ਤੱਕ ਇਨ੍ਹਾਂ ਮਸ਼ੀਨਾਂ ਦੀ ਪਹੁੰਚ ਵਧਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਨੋਡਲ ਅਫ਼ਸਰਾਂ ਨੂੰ ਵਧੇਰੇ ਚੌਕਸ ਰਹਿਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਸੀਨੀਅਰ ਪੁਲਿਸ ਕਪਤਾਨ ਨੂੰ ਫੀਲਡ ਪੁਲਿਸ ਅਧਿਕਾਰੀਆਂ ਨੂੰ ਹੋਰ ਤਨਦੇਹੀ ਨਾਲ ਕੰਮ ਕਰਨ ਲਈ ਸਰਗਰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਐਸ ਐਸ ਪੀ ਨੂੰ ਇਹ ਵੀ ਬੇਨਤੀ ਕੀਤੀ ਕਿ ਖੇਤ ਮਾਲਕਾਂ ਦੇ ਵਿਰੋਧ ਨੂੰ ਰੋਕਣ ਲਈ, ਅੱਗ ਦੀਆਂ ਲਪਟਾਂ ਨੂੰ ਬੁਝਾਉਣ ਲਈ ਤਾਇਨਾਤ ਫਾਇਰ ਟੈਂਡਰਾਂ ਨਾਲ ਪੁਲਿਸ ਮੁਲਾਜ਼ਮਾਂ ਨੂੰ ਲਾਇਆ ਜਾਵੇ।
ਐਸ.ਏ.ਐਸ.ਨਗਰ ਦੇ ਐਸ.ਐਸ.ਪੀ ਦੀਪਕ ਪਾਰੀਕ ਨੇ ਡਿਪਟੀ ਕਮਿਸ਼ਨਰ ਨੂੰ ਫੀਲਡ ਪੁਲਿਸ ਅਧਿਕਾਰੀਆਂ ਦੀ ਸਰਗਰਮ ਭਾਗੀਦਾਰੀ ਦਾ ਭਰੋਸਾ ਦਿੰਦਿਆਂ ਕਿਹਾ ਕਿ ਐਸ.ਐਚ.ਓਜ਼ ਅਤੇ ਬੀਟ ਅਧਿਕਾਰੀਆਂ ਨੂੰ ਤੁਰੰਤ ਹਦਾਇਤ ਕੀਤੀ ਜਾਵੇਗੀ ਕਿ ਉਹ ਪਰਾਲੀ ਨੂੰ ਅੱਗ ਲੱਗਣ ਦੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੰਮ ਕਰਨ।
ਮੀਟਿੰਗ ਵਿੱਚ ਏ ਡੀ ਸੀ (ਜਨਰਲ) ਵਿਰਾਜ ਐਸ ਤਿੜਕੇ, ਏ ਡੀ ਸੀ (ਵਿਕਾਸ) ਸੋਨਮ ਚੌਧਰੀ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਐਸ ਪੀ (ਸ਼ਹਿਰੀ) ਹਰਵੀਰ ਸਿੰਘ ਅਟਵਾਲ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਡਿਪਟੀ ਰਜਿਸਟਰਾਰ (ਸਹਿਕਾਰੀ ਸਭਾਵਾਂ) ਗੁਰਬੀਰ ਸਿੰਘ ਢਿੱਲੋਂ, ਕਾਰਜਕਾਰੀ ਇੰਜਨੀਅਰ ਪੀ.ਪੀ.ਸੀ.ਬੀ.ਰਣਤੇਜ ਸ਼ਰਮਾ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Latest News

Latest News

Leave a Reply

Your email address will not be published. Required fields are marked *