BKU Ugrahan ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ 17 ਅਕਤੂਬਰ ਤੋਂ ਟੌਲ ਪਲਾਜੇ ਟੋਲ ਮੁਕਤ ਕਰਨ ਦਾ ਐਲਾਨ 

ਪੰਜਾਬ

 18 ਤੋਂ ਭਾਜਪਾ ਦੇ ਮੁੱਖ ਆਗੂਆਂ ਤੇ ਆਪ ਦੇ ਵਿਧਾਇਕਾਂ/ਸਾਂਸਦਾਂ/ਮੰਤਰੀਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਐਲਾਨ

ਦਲਜੀਤ ਕੌਰ 

ਚੰਡੀਗੜ੍ਹ, 15 ਅਕਤੂਬਰ, 2024: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੂਰੀ ਝੋਨਾ ਖ੍ਰੀਦ ਅਤੇ ਚੁਕਾਈ ਲਈ 17 ਅਕਤੂਬਰ ਤੋਂ ਟੌਲ ਪਲਾਜੇ ਫ੍ਰੀ ਕਰਨ ਅਤੇ 18 ਅਕਤੂਬਰ ਤੋਂ ਭਾਜਪਾ ਦੇ ਮੁੱਖ ਆਗੂਆਂ ਪ੍ਰਨੀਤ ਕੌਰ ਅਤੇ ਅਰਵਿੰਦ ਖੰਨਾ ਵਰਗੇ ਸਾਰੇ ਆਗੂਆਂ ਸਮੇਤ ਆਪ ਦੇ ਵੱਧ ਤੋਂ ਵੱਧ ਵਿਧਾਇਕਾਂ/ਸਾਂਸਦਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ ਪੰਜ ਮੈਂਬਰੀ ਸੂਬਾ ਆਗੂ ਟੀਮ ਦੇ ਫ਼ੈਸਲੇ ਅਨੁਸਾਰ ਦੋਨਾਂ ਕਿਸਮਾਂ ਦੇ ਮੋਰਚੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਦਿਨੇ ਰਾਤ ਜਾਰੀ ਰੱਖੇ ਜਾਣਗੇ। ਇਨ੍ਹਾਂ ਮੰਗਾਂ ਵਿੱਚ ਝੋਨੇ ਦੀ ਪੂਰੇ ਐੱਮ ਐੱਸ ਪੀ ‘ਤੇ ਨਿਰਵਿਘਨ ਖ੍ਰੀਦ  ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕਰਨ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕਰਨ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ‘ਤੇ ਖ੍ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕਰਨ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥਣ ਅਤੇ ਹੋਰ ਹੱਕੀ ਮੰਗਾਂ ਮੰਨਣ; ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕਰਨ ਅਤੇ ਇਸ ਸੰਸਥਾ ‘ਚੋਂ ਬਾਹਰ ਆਉਣ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕਰਨ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਕੇਸ ਮੜ੍ਹਨ, ਜੁਰਮਾਨੇ ਕਰਨ ਜਾਂ ਲਾਲ ਐਂਟ੍ਰੀਆਂ ਕਰਨ ਦਾ ਜਾਬਰ ਸਿਲਸਿਲਾ ਬੰਦ ਕਰਨ ਸਮੇਤ ਪਹਿਲਾਂ ਚੁੱਕੇ ਅਜਿਹੇ ਜਾਬਰ ਕਦਮ ਵਾਪਸ ਲੈਣ ਵਰਗੀਆਂ ਮੰਗਾਂ ਸ਼ਾਮਲ ਹਨ। 

ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਹੈ, ਜਿਹੜੀਆਂ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹਨ ‘ਤੇ ਉਤਾਰੂ ਹਨ। ਉਨ੍ਹਾਂ ਨੇ ਸਰਕਾਰਾਂ ਦੇ ਇਨ੍ਹਾਂ ਕਿਸਾਨ ਮਾਰੂ ਇਰਾਦਿਆਂ ਨੂੰ ਮਾਤ ਦੇਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਪ੍ਰਵਾਰਾਂ ਸਮੇਤ ਪੱਕੇ ਮੋਰਚਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹੀਂ ਦਿਨੀਂ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਉਸੇ ਤਰ੍ਹਾਂ ਜੋਰ ਲਾ ਕੇ ਇਨ੍ਹਾਂ ਮੋਰਚਿਆਂ ਵਿੱਚ ਵੀ ਪੁੱਜਣਾ ਚਾਹੀਦਾ ਹੈ, ਜਿਸ ਨਾਲ ਜਿੱਤ ਦੀ ਗਰੰਟੀ ਹੁੰਦੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।