ਮੋਹਾਲੀ, 18 ਅਕਤੂਬਰ , ਦੇਸ਼ ਕਲਿੱਕ ਬਿਓਰੋ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਵੱਡੇ ਪੱਧਰ ’ਤੇ ਘਰੋਂ-ਘਰੀਂ ਕੰਟੇਨਰ ਜਾਂਚ ਕੀਤੀ ਗਈ, ਜਿਸ ਦੀ ਅਗਵਾਈ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ। ਵਿਭਾਗ ਵਲੋਂ ਸੂਬਾਈ ਸਿਹਤ ਅਧਿਕਾਰੀਆਂ ਦੀਆਂ 12 ਟੀਮਾਂ ਬਣਾ ਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਭੇਜੀਆਂ ਗਈਆਂ, ਜਿਨ੍ਹਾਂ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਨਿਰੀਖਣ ਕੀਤਾ। ਡਾ. ਹਿਤਿੰਦਰ ਕੌਰ ਨੇ ਮੋਹਾਲੀ ਦੇ ਫ਼ੇਜ਼ 6 ਵਿਖੇ ਵਿਖੇ ਘਰ-ਘਰ ਜਾ ਕੇ ਮੱਛਰ ਦੇ ਲਾਰਵੇ ਦੀ ਪੈਦਾਇਸ਼ ਵਾਲੀਆਂ ਸੰਭਾਵੀ ਥਾਵਾਂ ਨੂੰ ਜਾਂਚਿਆ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਵੀ ਦਿਤੀ।
ਡਾ. ਹਿਤਿੰਦਰ ਕੌਰ ਨੇ ਗੱਲਬਾਤ ਕਰਦਿਆਂ ਦਸਿਆ ਕਿ ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿਚ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਹਰ ਸ਼ੁੱਕਰਵਾਰ ਨੂੰ ਸਾਰੇ ਸੀਨੀਅਰ ਸਿਹਤ ਅਧਿਕਾਰੀ ਸਵੇਰੇ ਵੱਖ-ਵੱਖ ਥਾਈਂ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਡੇਂਗੂ ਫੈਲਾਉਣ ਵਾਲੇ ਮੱਛਰ ’ਤੇ ਜ਼ੋਰਦਾਰ ਹੱਲਾ ਬੋਲਿਆ ਹੋਇਆ ਹੈ ਤੇ ਇਸ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਵੀ ਅਤਿ ਲੋੜੀਂਦਾ ਹੈ।
ਇਸੇ ਦੌਰਾਨ ਫ਼ੇਜ਼ 6 ਦੇ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਹਿਤਿੰਦਰ ਕੌਰ ਨੇ ਦਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਉਨ੍ਹਾਂ ਬੱਚਿਆਂ ਕੋਲੋਂ ਵਾਅਦਾ ਲਿਆ ਕਿ ਉਹ ਹਰ ਸ਼ੁੱਕਰਵਾਰ ਆਪੋ-ਅਪਣੇ ਘਰਾਂ ਵਿਚ ਜਾਂਚ ਕਰਨਗੇ ਅਤੇ ਯਕੀਨੀ ਬਣਾਉਣਗੇ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਪ੍ਰਦੇਸੀ, ਸਿਵਲ ਸਰਜਨ ਡਾ. ਰੇਨੂੰ ਸਿੰਘ, ਸਹਾਇਕ ਡਾਇਰੈਕਟਰ ਡਾ. ਜਸਲੀਨ ਵਿਰਕ, ਸਟੇੋਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਡਾ. ਅੰਮ੍ਰਿਤਪਾਲ ਵੜਿੰਗ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਮੌਜੂਦ ਸਨ।
Published on: ਅਕਤੂਬਰ 18, 2024 3:19 ਬਾਃ ਦੁਃ