ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ : ਲਾਲਜੀਤ ਸਿੰਘ ਭੁੱਲਰ

ਪੰਜਾਬ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਅਚਨਚੇਤ ਨਿਰੀਖਣ

ਚੰਡੀਗੜ੍ਹ/ਲੁਧਿਆਣਾ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਅੱਜ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਕੈਦੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਖਾਣੇ ਆਦਿ ਬਾਰੇ ਜਾਣਕਾਰੀ ਲਈ।

ਨਿਰੀਖਣ ਤੋਂ ਬਾਅਦ ਗੱਲਬਾਤ ਦੌਰਾਨ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸੂਬੇ ‘ਚ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੇਲ੍ਹਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ.ਸੀ.ਟੀ.ਵੀ ਕੈਮਰੇ ਸਥਾਪਤ ਕੀਤੇ ਗਏ ਹਨ।

ਜੇਲ੍ਹ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਦਾ ਪੰਜਾਬ ਦੇਖਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਾਥ ਦੇਣ।

ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ੍ਰੀ ਸ਼ਿਵਰਾਜ ਸਿੰਘ ਨੰਦਗੜ੍ਹ ਵੱਲੋਂ ਜੇਲ੍ਹ ਵਿਚ ਕੀਤੇ ਵਧੀਆ ਪ੍ਰਬੰਧਾਂ ‘ਤੇ ਕੈਬਨਿਟ ਮੰਤਰੀ ਨੇ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਜੇਲ੍ਹ ਅੰਦਰ ਵਧੀਆ ਪ੍ਰਬੰਧ ਜਾਰੀ ਰੱਖਣ ਲਈ ਕਿਹਾ। ਇਸ ਤੋਂ ਪਹਿਲਾਂ ਉਨ੍ਹਾਂ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ।

ਇਸ ਮੌਕੇ ਉਨ੍ਹਾਂ ਨਾਲ ਜੇਲ੍ਹ ਸੁਪਰਡੈਂਟ ਸ੍ਰੀ ਸ਼ਿਵਰਾਜ ਸਿੰਘ ਨੰਦਗੜ੍ਹ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

Latest News

Latest News

Leave a Reply

Your email address will not be published. Required fields are marked *