ਭਾਕਿਯੂ ਉਗਰਾਹਾਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ 51 ਥਾਂਵਾਂ ‘ਤੇ ਪੱਕੇ ਮੋਰਚੇ ਪੰਜਵੇਂ ਦਿਨ ਵੀ ਜਾਰੀ

ਪੰਜਾਬ

ਦਲਜੀਤ ਕੌਰ 

ਚੰਡੀਗੜ੍ਹ, 20 ਅਕਤੂਬਰ, 2024: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਨਿਰਵਿਘਨ ਖ੍ਰੀਦ ਅਮਲੀ ਰੂਪ ‘ਚ ਚਾਲੂ ਕਰਾਉਣ ਲਈ ਅੱਜ ਪੰਜਵੇਂ ਦਿਨ ਵੀ 51 ਥਾਂਵਾਂ ‘ਤੇ ਪੱਕੇ ਮੋਰਚੇ ਜਾਰੀ ਰਹੇ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਅੱਜ ਵੀ ਇਨ੍ਹਾਂ ਮੋਰਚਿਆਂ ਵਿੱਚ ਕੁੱਲ ਮਿਲਾ ਕੇ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ। 26 ਟੌਲ ਪਲਾਜਿਆਂ ਅਤੇ 25 ਸਿਆਸੀ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਇਹ ਮੋਰਚੇ ਸਰਕਾਰੀ ਐਲਾਨ ਅਮਲੀ ਰੂਪ ‘ਚ ਲਾਗੂ ਹੋਣ ਤੱਕ ਦਿਨੇ ਰਾਤ ਲਗਾਤਾਰ ਜਾਰੀ ਰੱਖੇ ਜਾਣਗੇ। 

ਅੱਜ ਦੇ ਮੋਰਚਿਆਂ ਨੂੰ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਸੰਬੰਧਤ ਜ਼ਿਲ੍ਹਾ ਅਤੇ ਬਲਾਕ ਪੱਧਰਾਂ ਦੇ ਸੈਂਕੜੇ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਮੋਰਚਿਆਂ ਦੀਆਂ ਮੰਗਾਂ ਦੁਹਰਾਈਆਂ ਕਿ ਝੋਨੇ ਦੀ ਪੂਰੇ ਐੱਮ ਐੱਸ ਪੀ ‘ਤੇ ਨਿਰਵਿਘਨ ਖ੍ਰੀਦ ਅਮਲੀ ਰੂਪ ‘ਚ ਚਾਲੂ ਕੀਤੀ ਜਾਵੇ ਅਤੇ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕੀਤੀ ਜਾਵੇ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕੀਤੀ ਜਾਵੇ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਿਆ ਜਾਵੇ ਅਤੇ ਐਤਕੀਂ ਵੀ ਪਿਛਲੇ ਸਾਲ ਵਾਲੇ ਔਸਤ ਰੇਟ ‘ਤੇ ਖ੍ਰੀਦ ਕੀਤੀ ਜਾਵੇ, ਘੱਟ ਰੇਟ ‘ਤੇ ਖ੍ਰੀਦ  ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕੀਤੀ ਜਾਵੇ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕੀਤੀ ਜਾਵੇ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕੀਤੀਆਂ ਜਾਣ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥੀ ਜਾਵੇ ਅਤੇ ਹੋਰ ਹੱਕੀ ਮੰਗਾਂ ਮੰਨੀਆਂ ਜਾਣ; ਪੁਆੜੇ ਦੀ ਜੜ੍ਹ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਇਸ ਸੰਸਥਾ ‘ਚੋਂ ਬਾਹਰ ਆਇਆ ਜਾਵੇ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾਵੇ ਅਤੇ ਪੀ ਆਰ 126 ਕਿਸਮ ਦੇ ਚੌਲਾਂ ਦੀ ਘੱਟ ਨਿਕਾਸੀ ਸਮੇਤ ਹੋਰ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਇਸ ਬਾਰੇ ਮੜ੍ਹੇ ਗਏ ਪੁਲਿਸ ਕੇਸ, ਜੁਰਮਾਨੇ, ਵਰੰਟ ਅਤੇ ਲਾਲ ਐਂਟ੍ਰੀਆਂ ਦੇ ਪੁਰਾਣੇ ਅਤੇ ਨਵੇਂ ਸਾਰੇ ਜਾਬਰ ਕਦਮ ਵਾਪਸ ਲਏ ਜਾਣ। ਚੱਲ ਰਹੇ ਮੋਰਚਿਆਂ ਦੌਰਾਨ ਵੀ ਇਹ ਜਾਬਰ ਸਿਲਸਿਲਾ ਸ਼ੁਰੂ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਕਿਸਾਨਾਂ ਨੂੰ ਸੱਦਾ ਦਿੱਤਾ ਗਿਆ ਕਿ ਇਸ ਸੰਬੰਧੀ ਗ੍ਰਿਫਤਾਰੀਆਂ ਕਰਨ ਆਏ ਅਧਿਕਾਰੀਆਂ ਦੇ ਘਿਰਾਓ ਕੀਤੇ ਜਾਣ। 

ਇਸਦੇ ਨਾਲ਼ ਹੀ ਬੁਲਾਰਿਆਂ ਨੇ ਡੀ ਏ ਪੀ ਦੀ ਬਿਨਾਂ ਸ਼ਰਤ ਨਿਰਵਿਘਨ ਸਪਲਾਈ ਕਰਨ ਦੀ ਮੰਗ ਉੱਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਤੇ ਪੰਜਾਬ ਦੀਆਂ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਜਿਹੜੀਆਂ ਛੋਟੇ ਦਰਮਿਆਨੇ ਕਿਸਾਨਾਂ ਨੂੰ ਤਬਾਹ ਕਰਨ ਵਾਲੀ ਸੰਸਾਰ ਵਪਾਰ ਸੰਸਥਾ ਦੀ ਕਾਰਪੋਰੇਟ ਪੱਖੀ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹਨ ‘ਤੇ ਉਤਾਰੂ ਹਨ। ਅੱਜ ਵੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਕੁੱਝ ਮੋਰਚਿਆਂ ਵਿੱਚ ਸ਼ਮੂਲੀਅਤ ਕੀਤੀ ਗਈ। 

ਬੁਲਾਰਿਆਂ ਵੱਲੋਂ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਗਈ ਕਿ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਪੱਕੇ ਮੋਰਚਿਆਂ ਵਿੱਚ ਪੂਰੇ ਜੋਸ਼ ਅਤੇ ਧੜੱਲੇ ਨਾਲ ਪ੍ਰਵਾਰਾਂ ਸਮੇਤ ਕਾਫ਼ਲੇ ਬੰਨ੍ਹ ਕੇ ਪੁੱਜਣਾ ਚਾਹੀਦਾ ਹੈ। ਫੇਰ ਹੀ ਜਿੱਤ ਦੀ ਗਰੰਟੀ ਹੋਵੇਗੀ ਅਤੇ ਕਿਸਾਨਾਂ ਵੱਲੋਂ ਮਹਿੰਗੇ ਖ਼ਰਚਿਆਂ ਨਾਲ ਲਹੂ ਪਸੀਨਾ ਇੱਕ ਕਰਕੇ ਪਾਲ਼ੇ ਗਏ ਝੋਨੇ ਦੀ ਬੇਕਦਰੀ ਖਤਮ ਹੋਵੇਗੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।