ਮਾਲੇਰਕੋਟਲਾ 21 ਅਕਤੂਬਰ, ਦੇਸ਼ ਕਲਿੱਕ ਬਿਓਰੋ
ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 46 ਖ਼ਰੀਦ ਕੇਂਦਰਾਂ ਵਿਚੋਂ ਹੁਣ ਤੱਕ 24 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਅਤੇ ਕੱਲ੍ਹ ਤੱਕ ਮੰਡੀਆਂ ‘ਚ 29298 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 26816 ਮੀਟ੍ਰਿਕ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 10430 ਮੀਟਰਿਕ ਟਨ, ਮਾਰਕਫੈਡ ਵੱਲੋਂ 9045 ਮੀਟਰਿਕ ਟਨ, ਪਨਸਪ ਵੱਲੋਂ 3255 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 3939 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਪਾਰੀਆਂ ਵੱਲੋਂ 147 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਹੋਰ ਦੱਸਿਆ ਕਿ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 20 ਅਕਤੂਬਰ ਤੱਕ 51.35 ਕਰੋੜ ਰੁਪਏ ਦੀ ਅਦਾਇਗੀ ਕਰਨੀ ਬਣਦੀ ਸੀ ਜਦੋ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਹੁਣ ਤੱਕ 57.87 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ 113ਫੀਂਸਦੀ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਕੀਤੀ ਗਈ ਫਸਲ ਦੇ 72 ਘੰਟਿਆਂ ਅੰਦਰ—ਅੰਦਰ ਲਿਫਟ ਕੀਤੀ ਜਾਣ ਵਾਲੀ 18337 ਮੀਟ੍ਰਿਕ ਟਨ ਫਸਲ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਬਾਕੀ ਰਹਿੰਦੇ ਝੋਨੇ ਦੀ ਲਿਫਟਿੰਗ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਿਰਵਿਘਨ ਜਾਰੀ ਹੈ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਹੋਰ ਕਿਹਾ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਾਤਾਰਵਰਨ ਦੀ ਸਾਂਭ ਸੰਭਾਲ ਬਹੁਤ ਜਰੂਰੀ ਹੈ। ਇਸ ਲਈ ਸਾਨੂੰ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗਾ ਲਗਾਉਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਪਰਾਲੀ ਦੇ ਯੋਗ ਪ੍ਰਬੰਧਨ ਦੇ ਤਰੀਕੇ ਅਪਨਾ ਕੇ ਪਰਾਲੀ ਦਾ ਜਮੀਨ ਵਿੱਚ ਹੀ ਨਿਪਟਾਰਾ ਕਰਨਾ ਚਾਹੀਦਾ ਹੈ।