ਮੋਰਿੰਡਾ, 23 ਅਕਤੂਬਰ (ਭਟੋਆ)
ਸੰਯੁਕਤ ਕਿਸਾਨ ਮੋਰਚੇ ਵੱਲੋਂ ਡਿਪਟੀ ਕਮਿਸ਼ਨਰ ਰੂਪ ਨਗਰ ਨੂੰ ਝੋਨੇ ਦੀ ਖਰੀਦ, ਲਿਫਟਿੰਗ ਅਤੇ ਡੀ.ਏ.ਪੀ. ਦੀ ਘਾਟ ਸਬੰਧੀ ਮੰਗ ਪੱਤਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਚਲਾਕੀ, ਰੇਸ਼ਮ ਸਿੰਘ ਬਡਾਲੀ ਨੇ ਦੱਸਿਆ ਕਿ ਮੋਰਚੇ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਠੀਕ ਢੰਗ ਨਾਲ ਨਹੀਂ ਹੋ ਰਹੀ, ਜਿਸ ਕਾਰਨ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਝੋਨੇ ਦੀ ਲਿਫਟਿੰਗ ਤੇਜੀ ਨਾਲ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਬਹੁਤ ਬੁਰੀ ਤਰ੍ਹਾਂ ਨਾਲ ਸੰਕਟ ਵਿੱਚ ਫਸ ਜਾਣਗੇ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਕਰੀਬ ਤਿੰਨ ਹਫਤੇ ਤੋਂ ਕਿਸਾਨ ਅਤੇ ਝੋਨਾ ਰੁਲ ਰਹੇ ਹਨ। ਕਿਸਾਨ ਆਗੂਆਂ ਨੇ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਡਿਪਟੀ ਕਮਿਸ਼ਨਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਪਣੇ ਸੁਝਾਅ ਵੀ ਦਿੱਤੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਡੀਏਪੀ ਖਾਦ ਦੀ ਘਾਟ ਹੋਣ ਕਾਰਨ ਕਣਕ ਦੀ ਬਿਜਾਈ ਪਛੜ ਰਹੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਅਤੇ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਜਿਲੇ ਵਿੱਚ ਡੀ.ਏ.ਪੀ. ਖਾਦ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨ ਮੁਸ਼ਕਿਲ ਵਿੱਚੋ ਬਾਹਰ ਨਿਕਲ ਸਕਣ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਚਲਾਕੀ, ਸਤਨਾਮ ਸਿੰਘ ਮਾਜਰੀ, ਅਮਰਜੀਤ ਸਿੰਘ ਖੇੜੀ ਸਲਾਬਤਪੁਰ, ਅਵਤਾਰ ਸਿੰਘ ਸਹੇੜੀ, ਤਰਲੋਚਨ ਸਿੰਘ ਤਾਜਪੁਰਾ, ਮੋਹਰ ਸਿੰਘ ਖਾਬੜਾ, ਦਲੀਪ ਸਿੰਘ ਧਨੌਲਾ, ਤਰਲੋਚਨ ਸਿੰਘ ਹੁਸੈਨਪੁਰ ਆਦਿ ਵੀ ਸ਼ਾਮਿਲ ਸਨ।