ਬੈਂਗਲੁਰੂ, 23 ਅਕਤੂਬਰ, ਦੇਸ਼ ਕਲਿਕ ਬਿਊਰੋ :
ਕਰਨਾਟਕ ਵਿੱਚ ਭਾਰੀ ਮੀਂਹ ਕਾਰਨ ਮੰਗਲਵਾਰ ਨੂੰ ਬੈਂਗਲੁਰੂ ਵਿੱਚ ਇੱਕ ਨਿਰਮਾਣ ਅਧੀਨ 7 ਮੰਜ਼ਿਲਾ ਇਮਾਰਤ ਢਹਿ ਗਈ। ਇਸ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਮਲਬੇ ‘ਚ 21 ਲੋਕ ਫਸ ਗਏ ਸਨ, ਜਿਨ੍ਹਾਂ ‘ਚੋਂ 13 ਨੂੰ ਬਚਾ ਲਿਆ ਗਿਆ ਹੈ। ਇਸ ਦੇ ਨਾਲ ਹੀ 3 ਲੋਕ ਅਜੇ ਵੀ ਮਲਬੇ ਹੇਠਾਂ ਦੱਬੇ ਹੋਏ ਹਨ।
NDRF ਦੀ ਟੀਮ ਨੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਰਾਤ ਭਰ ਬਚਾਅ ਕਾਰਜ ਚਲਾਇਆ।ਅੱਜ ਬੁੱਧਵਾਰ ਸਵੇਰੇ ਡਾਗ ਸਕੁਐਡ ਟੀਮ ਨੂੰ ਵੀ ਬੁਲਾਇਆ ਗਿਆ। ਟੀਮ ਨੇ ਮਲਬਾ ਹਟਾਉਣ ਲਈ ਵੱਡੀਆਂ ਮਸ਼ੀਨਾਂ ਵੀ ਮੰਗਵਾਈਆਂ ਹਨ।
ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਮੰਗਲਵਾਰ ਰਾਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਮਲਬੇ ਹੇਠ 21 ਲੋਕ ਦੱਬੇ ਹੋਏ ਸਨ। ਉਨ੍ਹਾਂ ਕਿਹਾ ਕਿ ਜ਼ਮੀਨ ’ਤੇ ਨਾਜਾਇਜ਼ ਤੌਰ ’ਤੇ ਇਮਾਰਤ ਦੀ ਉਸਾਰੀ ਕੀਤੀ ਜਾ ਰਹੀ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।