ਕੇਂਦਰੀ ਖੁਰਾਕ ਮੰਤਰੀ ਦਾ ਪੰਜਾਬ ਦੇ ਚੌਲਾਂ ਸੰਬੰਧੀ ਬਿਆਨ ਝੋਨੇ ਦੀ ਖ੍ਰੀਦ ਤੋਂ ਭੱਜਣ ਦੀ ਸਾਜ਼ਿਸ਼: ਭਾਕਿਯੂ ਏਕਤਾ ਉਗਰਾਹਾਂ

ਪੰਜਾਬ

ਦਲਜੀਤ ਕੌਰ 

ਚੰਡੀਗੜ੍ਹ, 25 ਅਕਤੂਬਰ, 2024: ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 9 ਦਿਨਾਂ ਤੋਂ 26 ਟੌਲ ਪਰਚੀ ਮੁਕਤ ਅਤੇ 8 ਦਿਨਾਂ ਤੋਂ 25 ਸਿਆਸੀ ਆਗੂਆਂ ਦੇ ਘਰਾਂ ਦਫ਼ਤਰਾਂ ਅੱਗੇ ਦਿਨ ਰਾਤ ਚੱਲ ਰਹੇ ਕੁੱਲ 51 ਥਾਂਵਾਂ ‘ਤੇ ਪੱਕੇ ਮੋਰਚਿਆਂ ਦੇ ਨਾਲ ਹੀ ਅੱਜ 11 ਸ਼ਾਪਿੰਗ ਮਾਲਾਂ ਦੇ ਇੱਕ ਰੋਜ਼ਾ ਘਿਰਾਓ ਵੀ  ਕੀਤੇ ਗਏ।ਜਾਰੀ ਹਨ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕਾਰਪੋਰੇਟ ਸ਼ਾਪਿੰਗ ਮਾਲਾਂ ਦੇ ਘਿਰਾਓ ਪੰਜਾਬ ਦੀਆਂ ਸੰਘਰਸ਼ੀ ਜਥੇਬੰਦੀਆਂ ਦੇ ਸੜਕਾਂ ਜਾਮ ਐਕਸ਼ਨ ਨਾਲ ਯਕਜਹਿਤੀ ਵਜੋਂ ਲਾਏ ਗਏ ਹਨ। ਕਿਸਾਨ ਆਗੂਆਂ ਨੇ ਕੇਂਦਰੀ ਖੁਰਾਕ ਮੰਤਰੀ ਵੱਲੋਂ ਪੰਜਾਬ ਦੇ ਚੌਲਾਂ ਦੇ ਨਮੂਨੇ ਫੇਲ੍ਹ ਹੋਣ ਵਾਲੇ ਬਿਆਨ ਨੂੰ ਝੋਨੇ ਦੀ ਖ੍ਰੀਦ ਤੋਂ ਭੱਜਣ ਦੀ ਸਾਜ਼ਿਸ਼ ਕਰਾਰ ਦਿੰਦਿਆਂ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼ਾਪਿੰਗ ਮਾਲਾਂ ਦੇ ਘਿਰਾਓ ਸੰਬੰਧੀ ਕਿਹਾ ਹੈ ਕਿ ਜਿੱਥੇ ਕਾਰਪੋਰੇਟਾਂ ਦੀ ਜਥੇਬੰਦੀ ਸੰਸਾਰ ਵਪਾਰ ਸੰਸਥਾ ਵੱਲੋਂ ਖੁੱਲ੍ਹੀ ਮੰਡੀ ਰਾਹੀਂ ਕਿਸਾਨਾਂ ਦੀਆਂ ਫਸਲਾਂ ਦੀ ਅੰਨ੍ਹੀ ਲੁੱਟ ਕਰਨ ਦੀਆਂ ਨੀਤੀਆਂ ਆਪਣੀਆਂ ਚਹੇਤੀਆਂ ਸਰਕਾਰਾਂ ਰਾਹੀਂ ਥੋਪੀਆਂ ਜਾ ਰਹੀਆਂ ਹਨ, ਉੱਥੇ ਵੱਡੇ ਮਾਲਾਂ ਰਾਹੀਂ ਛੋਟੇ ਦੁਕਾਨਦਾਰਾਂ ਦੇ ਕਾਰੋਬਾਰ ਉਜਾੜੇ ਜਾ ਰਹੇ ਹਨ। ਇਸ ਕਰਕੇ ਇਹ ਕਾਰਪੋਰੇਟ ਘਰਾਣੇ ਕਿਸਾਨਾਂ ਤੇ ਹੋਰ ਕਿਰਤੀ ਲੋਕਾਂ ਦੇ ਸਾਂਝੇ ਦੁਸ਼ਮਣ ਹਨ। ਕੁੱਝ ਥਾਵਾਂ ‘ਤੇ ਛੋਟੇ ਦੁਕਾਨਦਾਰਾਂ ਨੇ ਵੀ ਸ਼ਮੂਲੀਅਤ ਕੀਤੀ। 

ਅੱਜ ਦੇ ਸਮੂਹ ਮੋਰਚਿਆਂ ਵਿੱਚ ਕਿਸਾਨਾਂ ਮਜ਼ਦੂਰਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰਿਆਂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਸੰਬੰਧਤ ਜ਼ਿਲ੍ਹਾ ਅਤੇ ਬਲਾਕ ਪੱਧਰਾਂ ਦੇ ਸੈਂਕੜੇ ਆਗੂਆਂ ਨੇ ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਪਰਾਲ਼ੀ ਬਾਰੇ ਪੱਕੇ ਮੋਰਚਿਆਂ ਦੀਆਂ ਮੰਗਾਂ ਦੁਹਰਾਈਆਂ। ਇਸਦੇ ਨਾਲ਼ ਹੀ ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਖੇਤੀ ਨੂੰ ਫੇਲ੍ਹ ਕਰਨ ਲਈ ਸਰਕਾਰ ਨੇ ਡੀਏਪੀ ਦਾ ਸਟਾਕ 30% ਘੱਟ ਮੰਗਵਾਇਆ ਹੈ। ਉਹਨਾਂ ਡੀ ਏ ਪੀ ਦੀ ਬਿਨਾਂ ਸ਼ਰਤ ਨਿਰਵਿਘਨ ਸਪਲਾਈ ਦੀ ਗਰੰਟੀ ਕਰਨ ਦੀ ਮੰਗ ਉੱਤੇ ਵੀ ਜ਼ੋਰ ਦਿੱਤਾ। ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਤੇ ਪੰਜਾਬ ਦੀਆਂ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਜਿਹੜੀਆਂ ਛੋਟੇ ਦਰਮਿਆਨੇ ਕਿਸਾਨਾਂ ਨੂੰ ਆਰਥਿਕ ਪੱਖੋਂ ਤਬਾਹ ਕਰਕੇ ਜ਼ਮੀਨਾਂ ਹਥਿਆਉਣ ਵਾਲੀ ਸੰਸਾਰ ਵਪਾਰ ਸੰਸਥਾ ਦੀ ਕਾਰਪੋਰੇਟ ਪੱਖੀ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹਨ ‘ਤੇ ਉਤਾਰੂ ਹਨ। ਅੱਜ ਵੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਕੁੱਝ ਮੋਰਚਿਆਂ ਵਿੱਚ ਸ਼ਮੂਲੀਅਤ ਕੀਤੀ ਗਈ। ਬੁਲਾਰਿਆਂ ਵੱਲੋਂ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਗਿਆ ਕਿ ਸਰਕਾਰਾਂ ਦੇ ਇਸ ਕਿਸਾਨ ਮਾਰੂ ਤੇ ਕਾਰਪੋਰੇਟ ਪੱਖੀ ਹਮਲੇ ਨੂੰ ਮਾਤ ਦੇਣ ਲਈ ਪੱਕੇ ਮੋਰਚਿਆਂ ਵਿੱਚ ਪੂਰੇ ਜੋਸ਼ ਅਤੇ ਧੜੱਲੇ ਨਾਲ ਵੱਧ ਤੋਂ ਵੱਧ ਗਿਣਤੀ ਨਾਲ ਪ੍ਰਵਾਰਾਂ ਸਮੇਤ ਕਾਫ਼ਲੇ ਬੰਨ੍ਹ ਕੇ ਪੁੱਜਿਆ ਜਾਵੇ। ਇਉਂ ਕਰਨ ਨਾਲ ਹੀ ਜਿੱਤ ਦੀ ਗਰੰਟੀ ਹੋਵੇਗੀ ਅਤੇ ਕਿਸਾਨਾਂ ਵੱਲੋਂ ਮਹਿੰਗੇ ਖ਼ਰਚਿਆਂ ਨਾਲ ਲਹੂ ਪਸੀਨਾ ਇੱਕ ਕਰਕੇ ਪਾਲ਼ੇ ਗਏ ਝੋਨੇ ਦੀ ਬੇਕਦਰੀ ਖਤਮ ਹੋਵੇਗੀ।

Latest News

Latest News

Leave a Reply

Your email address will not be published. Required fields are marked *