ਵਿੱਤ ਮੰਤਰੀ ਚੀਮਾ ਵੱਲੋਂ ਕਰ ਕਮਿਸ਼ਨਰ ਨੂੰ ਨਿਰਦੇਸ਼; ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਜ਼ੀਰੋ ਟਾਲਰੈਂਸ ਯਕੀਨੀ ਬਣਾਈ ਜਾਵੇ

ਪੰਜਾਬ

 ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ

ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਲਈ ਸਕਾਰਾਤਮਕ ਅਤੇ ਸਹਾਇਕ ਮਾਹੌਲ ਪੈਦਾ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਮੱਦੇਨਜ਼ਰ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਕਮਿਸ਼ਨਰ ਨੂੰ ਇਹ ਯਕੀਨੀ ਬਨਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਕਿ ਕਰ ਵਿਭਾਗ ਦਾ ਕੋਈ ਵੀ ਅਧਿਕਾਰੀ ਕਿਸੇ ਵੀ ਵਪਾਰੀ ਜਾਂ ਕਾਰੋਬਾਰੀ ਨੂੰ ਪਰੇਸ਼ਾਨ ਨਾ ਕਰੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਰਿਪੋਰਟਾਂ ਮਿਲੀਆਂ ਹਨ ਕਿ ਜੀਐਸਟੀ ਵਿਭਾਗ ਦੇ ਕੁਝ ਅਧਿਕਾਰੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਜਾਂ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਰਿਪੋਰਟਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਜੀਐਸਟੀ ਕਮਿਸ਼ਨਰ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਤਿਉਹਾਰ ਸਾਰਿਆਂ ਲਈ ਖੁਸ਼ੀ ਨਾਲ ਮਨਾਉਣ ਦਾ ਸਮਾਂ ਹੈ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਛਾਪੇਮਾਰੀ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਰਾਜ ਕਰ ਵਿਭਾਗ ਦੇ ਇੰਸਪੈਕਟਰਾਂ ਜਾਂ ਹੋਰ ਅਧਿਕਾਰੀਆਂ ਵੱਲੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਤੁਰੰਤ ਅਜਿਹੀਆਂ ਘਟਨਾਵਾਂ ਦੀ ਸੂਚਨਾ ਉਨ੍ਹਾਂ ਦੇ ਦਫ਼ਤਰ ਨੂੰ ਦੇਣ।  ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ 0175-2921005 ਜਾਂ 2225192 ‘ਤੇ ਕਾਲ ਕਰਕੇ ਦਰਜ ਕਰਵਾਈਆਂ ਜਾ ਸਕਦੀਆਂ ਹਨ।

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਉਣ ਵਾਲੇ ਤਿਉਹਾਰਾਂ ਦੇ ਮੌਕੇ ‘ਤੇ ਸਮੂਹ ਕਾਰੋਬਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।  ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਵਰਗ ਦੇ ਨਾਲ ਹਮੇਸ਼ਾ ਖੜ੍ਹੀ ਰਹੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇਗਾ।

Latest News

Latest News

Leave a Reply

Your email address will not be published. Required fields are marked *