ਚੰਡੀਗੜ੍ਹ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿੱਚ ਕਿਸਾਨਾਂ ਨੇ ਝੋਨੇ ਦੀ ਸਮੇਂ ਸਿਰ ਖਰੀਦ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਦੇ ਹਿੱਸੇ ਵਜੋਂ ਅੱਜ ਇੱਕ ਵਜੇ ਤੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਕਾਰਨ ਸੜਕਾਂ ‘ਤੇ ਵੱਡੇ ਵੱਡੇ ਜਾਮ ਲੱਗ ਗਏ ਹਨ। ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਮੰਡੀਆਂ ਅੰਦਰ ਕਿਸਾਨਾਂ ਦੀ ਖੱਜਲ-ਖੁਆਰੀ ਹੋ ਰਹੀ ਹੈ। ਝੋਨੇ ਦੀ ਸਰਕਾਰੀ ਖਰੀਦ, ਕਿਸਾਨਾਂ ਉੱਤੇ ਪਰਾਲੀ ਨੂੰ ਲੈ ਕੇ ਕੀਤੇ ਜਾ ਰਹੇ ਪਰਚੇ ਤੇ ਡੀਏਪੀ ਦੀ ਘਾਟ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੀ ਜਿਸ ਦੇ ਚੱਲਦੇ ਮਜਬੂਰਨ ਕਿਸਾਨਾਂ ਨੂੰ ਸੜਕਾਂ ਜਾਮ ਕਰਨੀਆਂ ਪੈ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਅਣਮਿੱਥੇ ਸਮੇਂ ਲਈ ਇਹ ਧਰਨਾ ਜਾਰੀ ਰਹੇਗਾ।
ਇਹ ਚੱਕਾ ਜਾਮ ਚਾਰ ਥਾਵਾਂ ’ਤੇ ਦੁਪਹਿਰ 1 ਵਜੇ ਤੋਂ ਸ਼ੁਰੂ ਹੈ। ਟਰੈਫਿਕ ਜਾਮ ਦਾ ਕਾਰਨ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਹੋ ਰਹੀ ਦੇਰੀ ਹੈ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇਸ ਪ੍ਰਦਰਸ਼ਨ ਵਿੱਚ ਕਈ ਕਿਸਾਨ ਜਥੇਬੰਦੀਆਂ ਸ਼ਮੂਲੀਅਤ ਕਰਕੇ ਸਰਕਾਰ ਤੋਂ ਝੋਨੇ ਦੀ ਸਮੇਂ ਸਿਰ ਖਰੀਦ ਕਰਨ ਦੀ ਮੰਗ ਕਰ ਰਹੀਆਂ ਹਨ।