ਫਰੀਦਕੋਟ 26 ਅਕਤੂਬਰ 2024, ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਾਖਿਆਂ ਦੀ ਵਿਕਰੀ ਲਈ ਥਾਵਾਂ ਨਿਰਧਾਰਿਤ ਕੀਤੀਆਂ ਹਨ।
ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪਟਾਖੇ ਵਿਕਰੇਤਾਵਾਂ ਵੱਲੋਂ ਫਰੀਦਕੋਟ ਵਿਚ ਨਹਿਰੂ ਸਟੇਡੀਅਮ ਵਿਖੇ, ਕੋਟਕਪੂਰਾ ਵਿਖੇ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਦੇ ਗਰਾਊਂਡ ਅਤੇ ਜੈਤੋ ਵਿਖੇ ਤਹਿਸੀਲ ਕੰਪਲੈਕਸ ਦੇ ਅੱਗੇ ਖਾਲੀ ਪਈ ਜਗ੍ਹਾ ਵਿਚ ਪਟਾਖੇ ਵੇਚੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਟਾਖਿਆਂ ਦੀ ਵਿਕਰੀ ਸਿਰਫ ਉਸ ਲਾਇਸੰਸ ਸ਼ੁਦਾ ਵਿਕਰੇਤਾ ਵੱਲੋਂ ਹੀ ਕੀਤੀ ਜਾ ਸਕਦੀ ਹੈ, ਜਿਸ ਨੂੰ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ, ਫਰੀਦਕੋਟ ਵੱਲੋਂ ਆਰਜ਼ੀ ਲਾਇਸੰਸ ਜਾਰੀ ਕੀਤਾ ਗਿਆ ਹੋਵੇ।
ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਰਜੀ ਲਾਇਸੰਸ ਪ੍ਰਾਪਤ ਕਰਨ ਲਈ ਚਾਹਵਾਨ ਬਿਨੈਕਾਰ ਦੀਆਂ ਦਰਖਾਸਤਾਂ ਪ੍ਰਾਪਤ ਕਰਨ ਲਈ ਪ੍ਰੈਸ ਨੋਟ ਜਾਰੀ ਕੀਤਾ ਗਿਆ ਸੀ। ਸਮਾਂ ਸੀਮਾਂ ਦੌਰਾਨ ਵੱਖ-ਵੱਖ ਬਿਨੈਕਾਰਾਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ। ਜਿੰਨਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਚਾਰਨ ਉਪਰੰਤ ਜ਼ਿਲ੍ਹਾ ਫਰੀਦਕੋਟ ਵਿੱਚ ਕੁੱਲ 24 ਆਰਜ਼ੀ ਲਾਇਸੰਸ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਨਿਰਧਾਰਤ ਜਗ੍ਹਾ ਤੋਂ ਇਲਾਵਾ ਹੋਰ ਕਿਸੇ ਜਗ੍ਹਾ ਤੇ ਪਟਾਕੇ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।