ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਸੂਬੇ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੀ ਜਾ ਰਹੇ ਅੰਦੋਲਨ ਦੌਰਾਨ ਲਗਾਏ ਜਾਂਦੇ ਜਾਮ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨ ਨੂੰ ਇਹ ਵੀ ਨਸੀਹਤ ਦਿੱਤੀ ਕਿ ਕਿਸੇ ਵੀ ਚੀਜ ਦੀ ਬਹੁਤਾਤ ਮਾੜੀ ਹੁੰਦੀ ਹੈ ਅਤੇ ਲਗਭਗ ਹਰ ਰੋਜ਼ ਬਿਨਾਂ ਕਿਸੇ ਕਾਰਨ ਸੜਕ ਜਾਮ ਕਰਨਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਆੜ੍ਹਤੀਆਂ ਦੀਆਂ ਸਮੱਸਿਆਵਾਂ ਹੱਲ ਕਰ ਦਿੱਤੀਆਂ ਹਨ ਅਤੇ ਮਿਲਰਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਉਠਾਏ ਜਾ ਰਹੇ ਹਨ, ਜਿਸ ਸਦਕਾ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀਜ਼ਨ ਦੇ ਚਲਦਿਆਂ ਲੋਕਾਂ ਦੀ ਅਸੁਵਿਧਾ ਦਾ ਕਾਰਨ ਬਣ ਰਿਹਾ ਅੰਦੋਲਨ ਜਾਇਜ਼ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜੂਨ 2025 ਤੱਕ ਮਿੱਲ ਮਾਲਕਾਂ ਦੀ ਉਪਜ ਦੀ ਚੁਕਾਈ ਨਹੀਂ ਕੀਤੀ ਤਾਂ ਸੂਬਾ ਸਰਕਾਰ ਆਪਣੇ ਪੱਧਰ ‘ਤੇ ਹੀਲਾ ਕਰੇਗੀ।
ਜ਼ਿਕਰਯੋਗ ਹੈ ਕਿ ਕਿਸਾਨ ਯੂਨੀਅਨਾਂ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੜਕਾਂ ਉਤੇ ਜਾਮ ਲਗਾਏ ਜਾ ਰਹੇ ਹਨ।