ਮਾਲੇਰਕੋਟਲਾ 01 ਨਵੰਬਰ : ਦੇਸ਼ ਕਲਿੱਕ ਬਿਓਰੋ
ਮੁੱਖ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਖਾਦ ਡੀਲਰ ਖ਼ਿਲਾਫ਼ ਰਿਪੋਰਟ/ਸ਼ਿਕਾਇਤ ਕਰਨ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।ਕਿਸਾਨ ਕਿਸਾਨ 1100 ’ਤੇ ਜਾਂ ਵਟਸਐਪ ਨੰਬਰ 98555-01076’ਤੇ ਸੁਨੇਹਾ ਭੇਜ ਕੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਪੰਜਾਬ ਪੱਧਰ ਤੇ ਦਰਜ ਕਰਵਾ ਸਕਦੇ ਹਨ ।
ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ ਹਰਬੰਸ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ਤੇ ਡੀ.ਏ.ਪੀ. ਖਾਦ ਬਾਰੇ ਇੱਕ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ । ਜਿਸ ਦੇ ਇੰਚਾਰਜ ਏ.ਡੀ.ਓ. ਇਨਫੋਰਸਮੈਂਟ, ਸਵਿੰਦਰ ਸਿੰਘ ਨੂੰ ਲਗਾਇਆ ਗਿਆ ਹੈ ਜਿਨ੍ਹਾਂ ਦਾ ਜ਼ਿਨ੍ਹਾਂ ਦਾ ਮੋਬਾਇਲ ਨੰ. 94649-91230 ‘ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਗੈਰ-ਜ਼ਰੂਰੀ ਰਸਾਇਣਾਂ ਨੂੰ ਖਾਦਾਂ ਨਾਲ ਟੈਗ ਕਰਕੇ ਜਬਰੀ ਵੇਚਣਾ ਜਾਂ ਖਾਦ ਨੂੰ ਵੱਧ ਕੀਮਤ ’ਤੇ ਵੇਚਣਾ ਜਾਂ ਖਾਦ ਦੀ ਕਾਲਾਬਾਜ਼ਾਰੀ ਕਰਨਾ ਕਾਨੂੰਨੀ ਜੁਰਮ ਹੈ ਅਤੇ ਅਜਿਹੀਆਂ ਗਲਤ ਕਾਰਵਾਈਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਖਾਦ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਲੋੜ ਅਨਸਾਰ ਉਪਲਬਧ ਹੈ । ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ ।
ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਮਾਹਿਰਾਂ ਵੱਲੋਂ ਦਿੱਤੇ ਸੁਝਾਅ ਮੁਤਾਬਿਕ ਫਾਸਫੋਰਸ ਦੇ ਬਦਲਵੇਂ ਸਰੋਤਾਂ ਵਜੋਂ ਐਨ.ਪੀ.ਕੇ. (12:32:16), ਟ੍ਰਿਪਲ ਸੁਪਰ ਫਾਸਫੇਟ (ਟੀ.ਐਸ.ਪੀ. 0:46:0) ਅਤੇ ਸਿੰਗਲ ਸੁਪਰ ਫਾਸਫੇਟ (ਐਸ.ਐਸ.ਪੀ.) ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।