ਅੰਮ੍ਰਿਤਸਰ, 1 ਨਵੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਵਿੱਚ ਅੱਜ ਸ਼ੁੱਕਰਵਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਦਿੱਲੀ ਦੰਗਿਆਂ ਦੀ 40ਵੀਂ ਵਰ੍ਹੇਗੰਢ ਮੌਕੇ ਦੀਵਾਲੀ ਮੌਕੇ ਇਥੇ ਆਤਿਸ਼ਬਾਜ਼ੀ ਨਹੀਂ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਇਤਿਹਾਸਕ ਦਿਹਾੜੇ ਦੀ ਸੰਵੇਦਨਸ਼ੀਲਤਾ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਹੈ।
ਇਸ ਵਾਰ ਸ਼ਾਮ ਨੂੰ 1 ਲੱਖ ਤੋਂ ਵੱਧ ਦੀਵੇ ਜਗਾਏ ਜਾਣਗੇ। ਸ੍ਰੀ ਹਰਿਮੰਦਰ ਸਾਹਿਬ ਵਿੱਚ ਇਹ ਦੀਵੇ 1984 ਦੇ ਦੰਗਿਆਂ ਵਿੱਚ ਜਾਨਾਂ ਗੁਆਉਣ ਵਾਲੇ ਬੇਕਸੂਰ ਲੋਕਾਂ ਦੀ ਯਾਦ ਵਿੱਚ ਜਗਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਮਕਸਦ ਦੰਗਿਆਂ ਦੌਰਾਨ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟ ਕਰਨਾ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਕਮੁੱਠਤਾ ਪ੍ਰਗਟਾਉਣਾ ਹੈ।
ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਅੱਜ ਸਵੇਰ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਪੁੱਜਣੇ ਸ਼ੁਰੂ ਹੋ ਗਏ ਹਨ। ਸਵੇਰੇ ਪਾਲਕੀ ਸਾਹਿਬ ਦੇ ਸਮੇਂ ਤੋਂ ਹੀ ਸ਼ਰਧਾਲੂ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਦੇ ਦੇਖੇ ਗਏ। ਅੱਜ ਹਰਿਮੰਦਰ ਸਾਹਿਬ ਦੇ ਅੰਦਰ ਹੀ ਲਾਈਟਿੰਗ ਕੀਤੀ ਗਈ ਹੈ।