ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਉਮੀਦਵਾਰਾਂ ਨੂੰ ਮੂੰਹ ਨਾ ਲਾਉ: ਮਨਜੀਤ ਧਨੇਰ 

ਪੰਜਾਬ

ਦਲਜੀਤ ਕੌਰ 

ਬਰਨਾਲਾ, 3 ਨਵੰਬਰ, 2024: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਐੱਸਡੀਐੱਮ ਬਰਨਾਲਾ ਦੇ ਦਫਤਰ ਅੱਗੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਖਿਲਾਫ ਮੋਰਚਾ ਖੋਲ੍ਹਦਿਆਂ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਸੈਂਕੜੇ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ।

ਇਸ ਰੈਲੀ ਨੂੰ ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਅਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਤੋਂ ਇਲਾਵਾ ਜ਼ਿਲਿਆਂ ਦੇ ਅਹੁਦੇਦਾਰਾਂ ਨੇ ਸੰਬੋਧਨ ਕੀਤਾ। ਇਸ ਵਿੱਚ ਬਰਨਾਲਾ ਤੋਂ ਇਲਾਵਾ ਸੰਗਰੂਰ, ਲੁਧਿਆਣਾ, ਮੋਗਾ ਅਤੇ ਕਪੂਰਥਲਾ ਦੇ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਆਬਾਦਕਾਰ ਕਿਸਾਨਾਂ ਦੀ ਜ਼ਮੀਨ, ਜੋ ਕਿ ਉਹਨਾਂ ਨੂੰ ਚੱਕਬੰਦੀ ਵਿਭਾਗ ਵੱਲੋਂ ਅਲਾਟ ਕੀਤੀ ਗਈ ਸੀ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੀ ਸ਼ਹਿ ਤੇ ਭੂ ਮਾਫੀਆ ਵੱਲੋਂ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਭੂ ਮਾਫੀਆ ਦੇ ਗੁੰਡਿਆਂ ਵੱਲੋਂ ਕਿਸਾਨਾਂ ਤੇ ਜਾਨਲੇਵਾ ਹਮਲੇ ਕਰਕੇ ਉਹਨਾਂ ਨੂੰ ਗੰਭੀਰ ਜ਼ਖ਼ਮੀ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਮਾਨਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਵਾਰ-ਵਾਰ ਪਹੁੰਚ ਕੀਤੀ ਗਈ ਹੈ। ਸਾਰਿਆਂ ਨੇ ਹੀ ਇਹ ਮੰਨਿਆ ਹੈ ਕਿ ਕੁੱਲਰੀਆਂ ਦੇ ਕਿਸਾਨਾਂ ਦਾ ਪੱਖ ਬਿਲਕੁਲ ਠੀਕ ਹੈ ਪ੍ਰੰਤੂ ਪ੍ਰਿੰਸੀਪਲ ਬੁੱਧਰਾਮ ਅਤੇ ਭੂ ਮਾਫੀਆ ਦੇ ਦਬਾਅ ਹੇਠ ਪ੍ਰਸ਼ਾਸਨ ਕਿਸਾਨਾਂ ਨਾਲ ਧੱਕਾ ਕਰਨ ਤੇ ਉਤਾਰੂ ਹੈ। ਜਥੇਬੰਦੀ ਪਿਛਲੇ ਪੌਣੇ ਦੋ ਸਾਲ ਤੋਂ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ ਪ੍ਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਲਈ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਬਰਨਾਲਾ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਪਰਦਾਫਾਸ਼ ਕੀਤਾ  ਜਾਵੇ।

ਅੱਜ ਦੀ ਇਸ ਰੈਲੀ ਰਾਹੀਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਕੱਲ੍ਹ ਚਾਰ ਨਵੰਬਰ ਨੂੰ ਗਿੱਦੜਬਾਹਾ ਹਲਕੇ ਵਿੱਚ ਵੀ ਜਥੇਬੰਦੀ ਵੱਲੋਂ ਰੈਲੀ ਕੀਤੀ ਜਾਵੇਗੀ। ਉਸ ਤੋਂ ਬਾਅਦ ਦੋਵਾਂ ਹਲਕਿਆਂ ਵਿੱਚ ਪਿੰਡ ਪਿੰਡ ਰੈਲੀਆਂ ਅਤੇ ਝੰਡਾ ਮਾਰਚ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਜਾਗਰੂਕ ਕੀਤਾ ਜਾਵੇਗਾ।

ਇਕੱਠ ਨੂੰ ਹੋਰਨਾਂ ਤੋਂ ਇਲਾਵਾ ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਕੁਲਵੰਤ ਸਿੰਘ ਮਾਨ, ਜਨਰਲ ਸਕੱਤਰ ਸਾਹਿਬ ਸਿੰਘ ਬਡਬਰ, ਜੁਗਰਾਜ ਸਿੰਘ ਹਰਦਾਸਪੁਰਾ, ਲੁਧਿਆਣਾ ਜ਼ਿਲ੍ਹੇ ਦੇ ਜਗਤਾਰ ਸਿੰਘ ਦੇਹੜਕਾ, ਸੰਗਰੂਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਦੁੱਗਾਂ, ਕਰਮਜੀਤ ਸਿੰਘ ਰਾਮ ਨਗਰ ਛੰਨਾ, ਕਪੂਰਥਲਾ ਤੋਂ ਰਾਣਾ ਹਰਜਿੰਦਰ ਸਿੰਘ ਅਤੇ ਮੋਗਾ ਤੋਂ ਬਲ ਬਹਾਦਰ ਸਿੰਘ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

ਬੁਲਾਰਿਆਂ ਨੇ ਮੰਡੀਆਂ ਵਿੱਚ ਝੋਨਾ ਰੋਲਣ, ਝੋਨੇ ਦੇ ਰੇਟ ਵਿੱਚ ਕੱਟ ਲੱਗਣ, ਡੀਏਪੀ ਦੇ ਸੰਕਟ ਅਤੇ ਪਰਾਲੀ ਫੂਕਣ ਵਾਲੇ ਕਿਸਾਨਾਂ ਖਿਲਾਫ ਸਖ਼ਤੀ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਅਤੇ ਭਾਜਪਾ ਖ਼ਿਲਾਫ਼ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਇਸ ਸਾਰੇ ਕੁੱਝ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਰਲ ਕੇ ਸਾਜਿਸ਼ ਕੀਤੀ ਗਈ ਹੈ ਤਾਂ ਕਿ ਪੰਜਾਬ ਦਾ ਮੰਡੀ ਸਿਸਟਮ ਫੇਲ੍ਹ ਕਰਕੇ ਕੰਟਰੈਕਟ ਫਾਰਮਿੰਗ ਲਾਗੂ ਕੀਤੀ ਜਾ ਸਕੇ।

ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਨੇ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਰਾਹੀਂ ਲੋਕਾਂ ਦੇ ਬੋਲਣ, ਲਿਖਣ ਅਤੇ ਸੰਘਰਸ਼ ਕਰਨ ਦੇ ਹੱਕ ਨੂੰ ਕੁਚਲਣ ਦੀ ਕੋਸ਼ਿਸ਼ ਕਰਾਰ ਦਿੰਦਿਆਂ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ।

 ਬੁਲਾਰਿਆਂ ਨੇ ਦੁਹਰਾਇਆ ਕਿ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੀ ਰਾਖ਼ੀ ਹਰ ਕੁਰਬਾਨੀ ਦੇ ਕੇ ਕੀਤੀ ਜਾਵੇਗੀ ਅਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਕੇ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਨੂੰ ਵੀ ਹਰ ਹੀਲੇ ਨਾਕਾਮ ਕੀਤਾ ਜਾਵੇਗਾ। ਰੈਲੀ ਤੋਂ ਉਪਰੰਤ ਸ਼ਹਿਰ ਵਿੱਚੋਂ ਦੀ ਹੁੰਦਾ ਹੋਇਆ ਰੋਹ ਭਰਪੂਰ ਮਾਰਚ ਬੱਸ ਸਟੈਂਡ ਚੌਂਕ ‘ਚ ਜਾ ਕੇ ਸਮਾਪਤ ਹੋਇਆ। ਬਾਬੂ ਸਿੰਘ ਖੁੱਡੀਕਲਾਂ ਨੇ ਅੱਜ ਦੀ ਵਿਸ਼ਾਲ ਰੈਲੀ ਅਤੇ ਮਾਰਚ ਵਿੱਚ ਸ਼ਾਮਿਲ ਹੈਏ ਕਿਸਾਨ ਕਾਫ਼ਲਿਆਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੇ ਫਰਜ਼ ਗੁਰਦੇਵ ਸਿੰਘ ਮਾਂਗੇਵਾਲ ਨੇ ਬਾਖੂਬੀ ਨਿਭਾਏ।

diwali-banner1

Latest News

Latest News

Leave a Reply

Your email address will not be published. Required fields are marked *