ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ‘ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ‘ਚ ਅੱਜ ਸੋਮਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਅੱਜ ਸਖ਼ਤ ਹੁਕਮ ਦੇ ਸਕਦਾ ਹੈ। ਪਿਛਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਅਜਿਹਾ ਕਰਨ ਦਾ ਸੰਕੇਤ ਦਿੱਤਾ ਸੀ। ਜਦੋਂ ਕਿ ਪੰਜਾਬ ਸਰਕਾਰ ਨੂੰ ਗਲਤ ਜਾਣਕਾਰੀ ਦੇਣ ਅਤੇ ਹਰਿਆਣਾ ਸਰਕਾਰ ਨੂੰ ਤਸੱਲੀਬਖਸ਼ ਜਵਾਬ ਨਾ ਦੇਣ ਲਈ ਤਾੜਨਾ ਕੀਤੀ ਸੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੀ ਆਪਣਾ ਪੱਖ ਰੱਖ ਸਕਦੀ ਹੈ।
ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਦਾਲਤ ਵਿੱਚ ਪੇਸ਼ ਹੋਏ ਸਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗਲਤ ਜਾਣਕਾਰੀ ਦੇਣ ‘ਤੇ ਨਰਾਜ਼ਗੀ ਜਤਾਈ ਸੀ। ਜਸਟਿਸ ਅਭੈ ਐਸ ਓਕਾ, ਜਸਟਿਸ ਏ ਅਮਾਨਉੱਲਾ ਅਤੇ ਜਸਟਿਸ ਏ.ਜੀ ਮਸੀਹ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ ਖੇਤਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਨੂੰ ਮਹਿਜ਼ ਦਿਖਾਵਾ ਕਰਾਰ ਦਿੱਤਾ ਸੀ।