ਚੰਡੀਗੜ੍ਹ : 7 ਨਵੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। ਇਸ ਦੇ ਲਈ ਸਰਕਾਰ ਵੱਲੋਂ ਛੇਤੀ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਪੰਜਾਬ ਸਰਕਾਰ ਵਾਰਡਬੰਦੀ ਮੁਕੰਮਲ ਕਰਕੇ ਹੀ ਚੋਣਾਂ ਕਰਵਾਉਣਾ ਚਾਹੁੰਦੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵੱਲੋਂ ਸੁਪਰੀਮ ਕੋਰਟ ਜਾਣ ਦੀ ਗੱਲ ਕਹੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਵਾਰਡਬੰਦੀ ਹੋ ਚੁੱਕੀ ਹੈ, ਜਦੋਂ ਕਿ ਕਈ ਥਾਵਾਂ ’ਤੇ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਅਮਲ ਜਨਵਰੀ ਫਰਵਰੀ ਤੱਕ ਮੁਕੰਮਲ ਹੋ ਜਾਵੇਗਾ।
ਜ਼ਿਕਰਯੋਗ ਹੈ ਕਿ ਕੱਲ੍ਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਸਖ਼ਤ ਰੁਖ਼ ਅਪਣਾਉਂਦੇ ਹੋਏ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਸੀ ਕਿ 10 ਦਿਨਾਂ ਦੇ ਅੰਦਰ ਅੰਦਰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਅਦਾਲਤ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।