ਰਾਜ ਵਿੱਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ 400 ਡਾਕਟਰਾਂ ਦੀ ਭਰਤੀ ਜਲਦੀ- ਡਾ. ਬਲਬੀਰ ਸਿੰਘ

ਸਿਹਤ

ਫ਼ਰੀਦਕੋਟ 08 ਨਵੰਬਰ, 2024, ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ, ਇਲਾਜ ਮੁੱਹਈਆ ਕਰਵਾਉਣ ਲਈ ਰਾਜ ਵਿੱਚ 400 ਡਾਕਟਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ ਅਤੇ ਇਸ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਨੂੰ ਮੈਡੀਕਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਚਾਰ ਜਿਲ੍ਹਿਆਂ ਵਿੱਚ ਹੋਰ ਨਵੇਂ ਮੈਡੀਕਲ ਕਾਲਜ ਖੋਲੇ ਜਾਣਗੇ । ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਵਿੱਦਿਕ ਅਦਾਰਿਆਂ, ਘਰਾਂ, ਦਫਤਰਾਂ ਆਦਿ ਵਿੱਚੋਂ ਡੇਂਗੂ ਦਾ ਲਾਰਵਾ ਲੱਭਣ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਚਲਾਈ ਗਈ ਰਾਜ ਪੱਧਰੀ ਮੁਹਿੰਮ ਦੀ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਡਾ.ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਤੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਡੇਂਗੂ ਖਿਲਾਫ ਛੇੜੀ ਗਈ ਜੰਗ ਵਿੱਚ ਰਾਜ ਵਾਸੀਆਂ, ਵਿਦਿਅਕ ਸੰਸਥਾਵਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ । 

ਇਸ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਤੇ ਚੌਕਸੀ ਕਾਰਨ ਪੰਜਾਬ ਵਿੱਚ ਇਸ ਸਾਲ ਡੇਂਗੂ ਦੇ ਕੇਸਾਂ ਵਿੱਚ ਵੱਡੀ ਪੱਧਰ ਤੇ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਪਿਛਲੇ ਸਾਲ 654 ਡੇਂਗੂ ਦੇ ਕੇਸ ਸਾਹਮਣੇ ਆਏ ਸਨ ਅਤੇ ਇਸ ਵਾਰ 120 ਮਾਮਲੇ ਹੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵੈਕਟਰ ਬੋਰਨ ਡਜੀਜ਼ ਤੇ ਹੋਰ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦਾ ਸਭ ਤੋਂ ਵੱਡਾ ਜਰੀਆ ਹਨ ਅਤੇ ਪੂਰੇ ਸੂਬੇ ਦੇ 50 ਹਜਾਰ ਵਿਦਿਆਰਥੀ ਆਪਣੇ ਘਰ, ਆਂਢ-ਗੁਆਂਢ ਦੇ 15 ਤੋਂ 20 ਲੱਖ ਲੋਕਾਂ ਨੂੰ ਡੇਂਗੂ ਦੇ ਲਾਰਵੇ ਦੀ ਜਾਣਕਾਰੀ ਦੇਣ ਅਤੇ ਇਸ ਬਿਮਾਰੀ ਤੋਂ ਬਚਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ । ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਮੁਹਿੰਮ ਦੇ ਬਰਾਂਡ ਅੰਬੈਸਡਰ ਹਨ ।

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਦਿਆਰਥੀਆਂ ਦੀ ਰੈਗੂਲਰ ਸਿਹਤ ਜਾਂਚ ਹੋਣੀ ਚਾਹੀਦੀ ਹੈ ਤੇ ਡੇਂਗੂ ਖਿਲਾਫ ਮੁਹਿੰਮ ਵਿੱਚ ਇਹਨਾਂ ਦਾ ਭਰਪੂਰ ਸਹਿਯੋਗ ਲਿਆ ਜਾਵੇ ਅਤੇ ਇਸ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਵੀ ਕੀਤੇ ਤੇ ਡੇਂਗੂ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਤੇ ਇਲਾਜ ਸਬੰਧੀ ਵੀ ਗੱਲਬਾਤ ਕੀਤੀ ।

          ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ ਕਲਪ ਅਤੇ ਹੇਠਲੇ ਪੱਧਰ ਤੇ ਸਰਬ ਉੱਤਮ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰੀ ਹਸਪਤਾਲਾਂ ਵਿੱਚ ਪ੍ਰਾਈਵੇਟ ਤੋਂ ਵੀ ਵਧੀਆ ਇਲਾਜ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕਾਂ ਤੋਂ 2 ਕਰੋੜ 25 ਲੱਖ ਤੋਂ ਵਧੇਰੇ ਲੋਕ ਇਲਾਜ ਕਰਵਾ ਚੁੱਕੇ ਹਨ । ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਹੀ ਜ਼ਿਲ੍ਹਾ ਪੱਧਰੀ ਤੇ ਸਬ ਡਵੀਜਨ ਪੱਧਰ ਦੇ ਹਸਪਤਾਲਾਂ ਵਿੱਚ ਡਾਕਟਰ ਅਤੇ ਸਹਾਇਕ ਸਟਾਫ ਪੂਰਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਸਪਤਾਲਾਂ ਵਿੱਚ ਦਵਾਈਆਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ ਅਤੇ ਲੋਕ ਨੁਮਾਇੰਦਿਆਂ, ਡਾਕਟਰਾਂ ਅਤੇ ਸਟਾਫ ਦੀ ਸਲਾਹ ਨਾਲ ਹਰ ਤਰ੍ਹਾਂ ਦੇ ਸੁਧਾਰ ਨੂੰ ਯਕੀਨੀ ਬਣਾਇਆ ਜਾਵੇਗਾ।

ਇਸ ਤੋਂ ਪਹਿਲਾਂ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਸਿਹਤ ਮੰਤਰੀ ਨੂੰ ਜੀ ਆਇਆ ਕਹਿੰਦਿਆਂ ਉਨ੍ਹਾਂ ਵੱਲੋਂ ਡੇਂਗੂ ਖਿਲਾਫ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਸਰਾਹਨਾ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਲਾਜ ਨਾਲੋਂ ਪਰਹੇਜ਼ ਚੰਗਾ ਹੈ ਤੇ ਸਾਨੂੰ ਸਾਰਿਆਂ ਨੂੰ ਡੇਂਗੂ ਖਿਲਾਫ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਕੇ ਇਸ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਫ਼ਰੀਦਕੋਟ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਬਾਰੇ ਵੀ ਸਿਹਤ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਇਹ ਆਸਾਮੀਆਂ ਜਲਦ ਭਰਨ ਦਾ ਯਕੀਨ ਦਿਵਾਇਆ ।

ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਨੇ ਮੰਤਰੀ ਜੀ ਨੂੰ ਯਕੀਨ ਦਿਵਾਇਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਡੇਂਗੂ ਖਿਲਾਫ ਵਿੱਢੀ ਗਈ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਾਥ ਦਿੱਤਾ ਜਾਵੇਗਾ । ਉਨ੍ਹਾਂ ਇਸ ਮੌਕੇ ਮੰਤਰੀ ਜੀ ਨੂੰ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ, ਕੀਤੇ ਜਾਣ ਵਾਲੇ ਕੰਮਾਂ ਅਤੇ ਸਮੱਸਿਆਵਾਂ ਤੋਂ ਜਾਣੂ ਕਰਵਾਇਆ ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ.ਪ੍ਰੱਗਿਆ ਜੈਨ, ਡਾ. ਨੀਤੂ ਕੁੱਕੜ ਮੈਡੀਕਲ ਸੁਪਰਡੈਂਟ, ਡਾ. ਸੰਜੇ ਗੁਪਤਾ ਪ੍ਰਿੰਸੀਪਲ, ਡਾ. ਦੀਪਕ ਜੋਨ ਭੱਟੀ ਡੀਨ ਕਾਲਿਜ਼,ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਸਹਾਇਕ ਸਿਵਲ  ਸਰਜਨ ਡਾ. ਵਰਿੰਦਰ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ,ਡਾ. ਪ੍ਰਭਦੀਪ ਸਿੰਘ ਬਰਾੜ, ਡਾ. ਵਿਵੇਕ ਰਾਜੌਰਾ, ਡਾ. ਵਿਸ਼ਵਦੀਪ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ, ਡਾ.ਪਰਮਜੀਤ ਬਰਾੜ, ਡਾ. ਰਵੀ ਬਾਂਸਲ, ਐਸ.ਐਮ.ਓ, ਸ.ਭੁਪਿੰਦਰ ਸਿੰਘ ਬਰਾੜ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀ.ਸਕੈ.ਸਕੂਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ. ਕੁਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ ।

Published on: ਨਵੰਬਰ 8, 2024 4:42 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।