ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ : ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਨੂੰ ਅਪੀਲ

ਪੰਜਾਬ

ਲੁਧਿਆਣਾ, 12 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕਰਨ ਅਤੇ ਸੇਧ ਦੇਣ।

ਮੁੱਖ ਮੰਤਰੀ ਨੇ ਪੀ.ਏ.ਯੂ. ਵਿਖੇ ਮੌਸਮੀ ਅਤੇ ਊਰਜਾ ਤਬਦੀਲੀ ਦੇ ਮੱਦੇਨਜ਼ਰ ਐਗਰੀਫੂਡ ਪ੍ਰਣਾਲੀਆਂ ਵਿੱਚ ਬਦਲਾਅ ਸਬੰਧੀ ਵਿਸ਼ੇ ‘ਤੇ ਕਰਵਾਈ ਗਈ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਕਰਕੇ ਕਣਕ-ਝੋਨੇ ਦੇ ਫ਼ਸਲੀ ਚੱਕਰ ਕਰਕੇ ਪੰਜਾਬ ਦੀ ਨਾਜ਼ੂਕ ਸਥਿਤੀ ਦੇ ਮੱਦੇਨਜ਼ਰ ਖੇਤੀਬਾੜੀ ਉੱਪਰ ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਹੱਲ ਕਰਨ ਦੀ ਤੁਰੰਤ ਲੋੜ ‘ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਿਕਾਊ ਖੇਤੀ ਅਤੇ ਫ਼ਸਲਾਂ ਦੇ ਵੱਧ ਝਾੜ ਦੇ ਨਾਲ-ਨਾਲ ਮਿੱਟੀ ਦੀ ਪੌਸ਼ਟਿਕ ਸ਼ਕਤੀ ਨੂੰ ਵਧਾਉਣ ਲਈ ਫ਼ਸਲੀ ਵਿਭਿੰਨਤਾ ਦੀ ਵਧੇਰੇ ਲੋੜ ਹੈ। ਉਨ੍ਹਾਂ ਨੇ ਮੌਸਮੀ ਤਬਦਲੀ ਦੇ ਮਾੜੇ ਪ੍ਰਭਾਵਾਂ ਵਿਸ਼ੇ ‘ਤੇ ਕਰਵਾਈ ਗਈ ਇਸ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਹਾਜ਼ਰ ਵਿਗਿਆਨੀਆਂ ਨੂੰ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਅਪਨਾਉਣ ਵਾਸਤੇ ਕਿਸਾਨਾਂ ਨੂੰ ਸੇਧ ਦੇਣ ਲਈ ਵੱਧ ਤੋਂ ਵੱਧ ਯਤਨ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਗਿਆਨੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਟਿਕਾਊ ਖੇਤੀ ਅਮਲ ਅਪਣਾਉਣ ਵਾਸਤੇ ਸਾਡੇ ਕਿਸਾਨਾਂ ਦਾ ਮਾਰਗਦਰਸ਼ਨ ਕਰਨ। ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਦੇ ਹੱਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਬਿਨਾਂ ਸ਼ੱਕ ਸਾਨੂੰ ਹੀ ਜ਼ਿੰਮੇਵਾਰ ਠਹਿਰਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਆਪਣੀ ਚਾਲ ਚੱਲ ਰਿਹਾ ਹੈ ਅਤੇ ਸਾਡੇ ਸਾਰਿਆਂ ਲਈ ਇਹ ਜ਼ਰੂਰੀ ਹੈ ਕਿ ਅਸੀਂ ਮੌਸਮੀ ਤਬਦੀਲੀ ਦੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਸਰਗਰਮ ਕਦਮ ਚੁੱਕੀਏ। ਇਸ ਸਬੰਧੀ ਹੈਰਾਨੀਜਨਕ ਅਤੇ ਚਿੰਤਾਜਨਕ ਅੰਕੜਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਕਿਲੋ ਚੌਲ ਉਗਾਉਣ ਲਈ 3000 ਲੀਟਰ ਪਾਣੀ ਦੀ ਲੋੜ ਪੈਂਦੀ ਹੈ ਅਤੇ ਜਿਹੜੀਆਂ ਮੋਟਰਾਂ ਖਾੜੀ ਦੇਸ਼ਾਂ ਵਿੱਚ ਪੈਟਰੋਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ, ਉਹੀ ਮੋਟਰਾਂ ਦੀ ਵਰਤੋਂ ਸੂਬੇ ਵਿੱਚ ਜ਼ਮੀਨ ਹੇਠਲਾ ਪਾਣੀ ਕੱਢਣ ਲਈ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚਿੰਤਾਜਨਕ ਵਰਤਾਰਾ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਦੀ ਹੋਂਦ ਲਈ ਖ਼ਤਰੇ ਦੀ ਘੰਟੀ ਹੈ।

ਮੁੱਖ ਮੰਤਰੀ ਨੇ ਇਸ ਸੰਕਟ ਦੇ ਟਾਕਰੇ ਲਈ ਪਾਣੀ ਬਚਾਉਣ ਵਾਲੀਆਂ ਬਦਲਵੀਆਂ ਫ਼ਸਲਾਂ ਅਪਣਾਉਣ ਦੀ ਵਕਾਲਤ ਕੀਤੀ ਤਾਂ ਜੋ ਸੂਬੇ ਦੇ ਖੇਤੀ ਸੈਕਟਰ ਨੂੰ ਬਚਾਇਆ ਜਾ ਸਕੇ। ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ‘ਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਔਖੀ ਘੜੀ ਵਿੱਚ ਦੇਸ਼ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲਾਂਕਿ ਇਸ ਲਈ ਉਨ੍ਹਾਂ ਨੂੰ ਆਪਣੀ ਉਪਜਾਊ ਜ਼ਮੀਨ ਅਤੇ ਪਾਣੀ ਵਰਗੇ ਉਪਲਬਧ ਕੁਦਰਤੀ ਸਰੋਤਾਂ ਦੇ ਨੁਕਸਾਨ ਦਾ ਖਮਿਆਜ਼ਾ ਭੁਗਤਣਾ ਪਿਆ।

ਮੁੱਖ ਮੰਤਰੀ ਨੇ ਚੇਤੇ ਕੀਤਾ ਕਿ ਭਾਰਤ ਵਿੱਚ ਹਰੀ ਕ੍ਰਾਂਤੀ ਲਿਆਉਣ ‘ਚ ਪੰਜਾਬ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਸੂਬੇ ਦੇ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਪੰਜਾਬ ਨੂੰ ਅਨਾਜ ਪੱਖੋਂ ਸਰਪਲੱਸ ਸੂਬਾ ਬਣਾ ਦਿੱਤਾ ਹੈ, ਜੋ ਕੌਮੀ ਅੰਨ ਭੰਡਾਰ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਖੇਤੀ ਉਤਪਾਦਨ ਆਪਣੀ ਸਿਖ਼ਰਲੇ ਪੜਾਅ ‘ਤੇ ਪਹੁੰਚ ਗਿਆ ਹੈ, ਇਸ ਲਈ ਫਲਾਂ ਅਤੇ ਸਬਜ਼ੀਆਂ ਵਰਗੀਆਂ ਉੱਚ-ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਰਾਹੀਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਅਪਨਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਬਦੀਲੀ ਨਾਲ ਖੇਤੀਬਾੜੀ ਦੀ ਆਮਦਨ ਵਿੱਚ ਵਾਧੇ, ਟਿਕਾਊ ਖੇਤੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮੌਸਮੀ ਤਬਦੀਲੀ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵਧੇਰੇ ਮਦਦ ਮਿਲੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।