ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਪਾਣੀਪਤ ਸ਼ਹਿਰ ‘ਚ ਅੱਜ ਵੀਰਵਾਰ ਨੂੰ ਐਲੀਵੇਟਿਡ ਹਾਈਵੇਅ ‘ਤੇ 3 ਵੱਖ-ਵੱਖ ਥਾਵਾਂ ‘ਤੇ ਇਕ ਟਰੱਕ ਨੇ 6 ਲੋਕਾਂ ਨੂੰ ਕੁਚਲ ਦਿੱਤਾ। ਇਸ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਇੱਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲੀਸ ਨੇ ਕੁਝ ਦੂਰੀ ’ਤੇ ਹੀ ਟਰੱਕ ਦੇ ਡਰਾਈਵਰ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮੁਲਜ਼ਮ ਟਰੱਕ ਡਰਾਈਵਰ ਨੇ ਸਿਵਾ ਪੁਲ ਦੇ ਸਾਹਮਣੇ ਬਾਈਕ ਸਵਾਰ ਦੋ ਲੋਕਾਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਮਲਿਕ ਪੈਟਰੋਲ ਪੰਪ ਦੇ ਸਾਹਮਣੇ ਬਾਈਕ ਸਵਾਰ ਦੋ ਲੋਕਾਂ ਨੂੰ ਕੁਚਲ ਦਿੱਤਾ। ਤੀਜਾ ਹਾਦਸਾ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਪਰਿਆ। ਇੱਥੇ ਵੀ ਟਰੱਕ ਨੇ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਲਾਸ਼ਾਂ ਹਾਈਵੇਅ ‘ਤੇ ਪਈਆਂ ਰਹੀਆਂ। ਹਾਦਸੇ ਤੋਂ ਬਾਅਦ ਮੌਕੇ ‘ਤੇ ਜਾਮ ਲੱਗ ਗਿਆ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਲਾਸ਼ਾਂ ਨੂੰ ਵੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇੱਥੇ ਉਨ੍ਹਾਂ ਦਾ ਪੰਚਨਾਮਾ ਭਰ ਕੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।