ਬਠਿੰਡਾ, 18 ਨਵੰਬਰ : ਦੇਸ਼ ਕਲਿੱਕ ਬਿਓਰੋ
ਜੁਰਮ ‘ਤੇ ਬਾਜ ਅੱਖਰ ਰੱਖਣ ਲਈ ਸ਼ਹਿਰ ਅੰਦਰ 1 ਕਰੋੜ ਰੁਪਏ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਦਾਦੀ-ਪੋਤੀ ਪਾਰਕ ਵਿਖੇ ਪੁਲੀਸ ਵਿਭਾਗ ਵੱਲੋਂ ਕਰਵਾਏ ਗਏ ਸੰਪਰਕ ਪੁਲਿਸ ਪਬਲਿਕ ਪਾਰਟਨਸ਼ਿਪ ਪ੍ਰੋਗਰਾਮ ‘ਚ ਸ਼ਿਰਕਤ ਕਰਨ ਉਪਰੰਤ ਮੀਡੀਆਂ ਨਾਲ ਗੱਲਬਾਤ ਕਰਨ ਮੌਕੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਪਹਿਲਕਦਮੀਆਂ ਕਰਕੇ ਲਗਾਤਾਰ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲਗਾਤਾਰ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਮੀਡੀਆ ਦੇ ਸਵਾਲ ਦੇ ਜਵਾਬ ’ਚ ਕਿਹਾ ਕਿ ਟਰੈਫਿਕ ਦੀ ਸਮੱਸਿਆ ਦੇ ਮੱਦੇਨਜ਼ਰ ਸ਼ਹਿਰ ਅੰਦਰ ਰਿਕਸ਼ੇ ਆਟੋ ਦੀ ਵਧ ਰਹੀ ਤਾਦਾਦ ਨੂੰ ਲੈ ਕੇ ਨਗਰ ਨਿਗਮ ਨਾਲ ਰਾਬਤਾ ਕਾਇਮ ਕਰਕੇ ਪੁਰਾਣੇ ਆਟੋਆਂ ਦੀ ਵੈਰੀਫਿਕੇਸ਼ਨ ਕਰਵਾ ਕੇ ਉਨ੍ਹਾਂ ਨੂੰ ਈ-ਰਿਕਸ਼ਾ ਵਿੱਚ ਤਬਦੀਲ ਕਰਨ ਦੀ ਯੋਜਨਾ ਬਣਾਈ ਜਾਵੇਗੀ ਤਾਂ ਜੋ ਇਸ ਨਾਲ ਜਿਥੇ ਸ਼ਹਿਰ ਅੰਦਰ ਵੱਧ ਰਹੇ ਪ੍ਰਦੂਸ਼ਣ ’ਤੇ ਕਾਬੂ ਪਾਇਆ ਜਾ ਸਕੇਗਾ ਉਥੇ ਹੀ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਦੇ ਪਾਰਕਾਂ ਦੀ ਸਾਫ-ਸਫਾਈ ਲਈ ਨਗਰ ਨਿਗਮ ਨਾਲ ਰਾਬਤਾ ਕਾਇਮ ਕਰਕੇ ਇਨ੍ਹਾਂ ਦੀ ਸਫਾਈ ਨੂੰ ਨਿਰਵਿਘਨ ਕਰਨਾ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਈਪੀ ਕੈਮਰੇ ਲਗਾਉਣ ਨੂੰ ਤਰਜੀਹ ਦੇਣ ਤਾਂ ਜੋ ਜੁਰਮ ’ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਕਿਹਾ ਕਿ ਆਪਸੀ ਸਹਿਯੋਗ ਨਾਲ ਹੀ ਜ਼ੁਰਮ ਦੀ ਦੁਨੀਆਂ ’ਤੇ ਰੋਕ ਲਗਾਈ ਜਾ ਸਕੇਗੀ।
ਇਸ ਦੌਰਾਨ ਡੀਆਈਜੀ ਬਠਿੰਡਾ ਰੇਂਜ ਸ ਹਰਚਰਨ ਸਿੰਘ ਭੁੱਲਰ ਨੇ ਸੰਬੋਧਨ ਕਰਿਦਆਂ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਜ਼ੁਰਮ ਤੇ ਨਸ਼ਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਹੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਵੱਲੋਂ ਦਿੱਤੀ ਗਈ ਦਰਖਾਸਤ ’ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਗਲੀ ਮੁਹੱਲੇ ਜਾਂ ਆਸ-ਪਾਸ ਦੇ ਖੇਤਰ ’ਚ ਕਿਤੇ ਵੀ ਕੋਈ ਜ਼ੁਰਮ ਜਾਂ ਨਸ਼ਿਆਂ ਦੀ ਸਪਲਾਈ ਹੋ ਰਹੀ ਹੈ ਤਾਂ ਇਸ ਸਬੰਧੀ ਤੁਰੰਤ ਪੁਲਿਸ ਨੂੰ ਤਲਾਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ’ਤੇ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ।
ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਮੀਡੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਸ਼੍ਰੀ ਗੌਰਵ ਯਾਦਵ ਦੀ ਯੋਗ ਅਗਵਾਈ ਹੇਠ ਚਲਾਈ ਗਈ ‘ਸੰਪਰਕ ਮੁਹਿੰਮ’ ਦਾ ਮੁੱਖ ਮੰਤਵ ਆਮ ਲੋਕਾਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਜ਼ੁਰਮ ਤੇ ਨਸ਼ਿਆਂ ਨੂੰ ਨਕੇਲ ਪਾਉਣਾ ਹੈ।
ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਸ਼ਹਿਰ ਅੰਦਰ ਜ਼ੁਰਮ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜ਼ੁਰਮ ਨੂੰ ਅੰਜ਼ਾਮ ਦੇਣ ਵਾਲੇ ਕਿਸੇ ਵੀ ਅਨਸਰ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਇਸ ਤੋਂ ਪਹਿਲਾਂ ਸਿਵਿਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਗਿਆ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ।
ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਆਮ ਲੋਕ ਆਦਿ ਹਾਜ਼ਰ ਸਨ।