ਕੈਬਨਿਟ ਮੰਤਰੀ ਗੋਇਲ ਨੇ ਨਵੇਂ ਚੁਣੇ ਪੰਚ-ਸਰਪੰਚਾਂ ਨੂੰ ਧੜੇਬੰਦੀ ਤੋ ਉਪਰ ਉੱਠਕੇ ਪਿੰਡਾਂ ਦੇ ਵਿਕਾਸ ਕਰਨ ਦੀ ਕੀਤੀ ਅਪੀਲ

ਪੰਜਾਬ


ਚੰਡੀਗੜ੍ਹ/ਮਾਲੇਰਕੋਟਲਾ 19 ਨਵੰਬਰ: ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਨਵੀਆਂ ਚੁਣੀਆਂ ਗ੍ਰਾਮ ਸੰਭਾਵਾਂ ਦੇ ਨੁਮਾਇਦਿਆਂ ਨੂੰ ਪਿੰਡਾਂ ਦੇ ਵਿਕਾਸ ਦੀ ਯੋਜਨਾ ਧੜੇਬੰਦੀ ਤੋਂ ਉਪਰ ਉੱਠਕੇ ਆਮ ਲੋਕਾਂ ਦੀ ਸਲਾਹ ਤੇ ਲੋੜ ਅਨੁਸਾਰ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਉਲੀਕਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਪਿੰਡਾਂ ਵਿੱਚੋਂ ਧੜੇਬੰਦੀ ਨੂੰ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਪਿੰਡਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਥੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਅਤੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨਾਲ 1186 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਸੱਦੇ ਅਨੁਸਾਰ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫੈਸਲਾ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਿਆ ਜਾਵੇ। ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੈਸੇ ਦੀ ਦੁਰਵਰਤੋਂ ਨੂੰ ਰੋਕਣਾ ਅਤੇ ਸਮਝਦਾਰੀ ਨਾਲ ਖਰਚ ਕਰਨਾ ਯਕੀਨੀ ਬਣਾਉਣਾ ਗ੍ਰਾਮ ਸਭਾਵਾਂ ਦੀ ਨੈਤਿਕ ਜਿੰਮੇਵਾਰੀ ਹੈ। ਉਹ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਵੀ ਕਾਇਮ ਰੱਖਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਵਚਨਬੱਧ ਹੈ। ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਗ੍ਰਾਮ ਸੰਭਾਵਾਂ ਦੇ ਨੁਮਾਇੰਦੇ ਆਪਣੀ ਸਮਾਜਿਕ ਅਤੇ ਨੈਤਿਕ ਜਿੰਮੇਵਾਰੀ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਹਰ ਨੇਕ ਕੰਮ ਲਈ ਪੂਰਾ ਸਹਿਯੋਗ ਦੇਵੇਗੀ।

ਉਨ੍ਹਾਂ ਪੰਚਾਇਤਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਅਲਾਮਤ ਤੋਂ ਨਿਜਾਤ ਦਵਾਉਣ ਲਈ ਪੰਚਾਇਤਾਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਜਵਾਨੀ ਨੂੰ ਬਚਾਉਣ ਦੇ ਉਪਰਾਲੇ ਕਰਨੇ ਚਾਹੀਦੇ ਹਨ। ਲੋਕਾਂ ਦੇ ਸਹਿਯੋਗ ਨਾਲ ਲੋਕ ਲਹਿਰ ਪੈਦਾ ਕਰਕੇ ਪੰਜਾਬੀਆਂ ਵਿੱਚ ਨਸ਼ੇ ਦਾ ਨਾਮੋ ਨਿਸ਼ਾਨ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਚਾਇਤੀ ਰਾਜ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਰੋਲ ਮਾਡਲ ਬਣ ਕੇ ਉੱਭਰਨ ਅਤੇ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਸਾਂਝੇ ਉਪਰਾਲੇ ਆਪਣੇ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਕਰਨ । ਉਨ੍ਹਾਂ ਆਸ ਪ੍ਰਗਟਾਈ ਕਿ ਸਹੁੰ ਚੁੱਕਣ ਮਗਰੋਂ ਇਹ ਪੰਚ ਆਪਣੇ ਪਿੰਡਾਂ ਨੂੰ ਵਿਕਾਸ ਦੇ ਰਾਹ ਉਤੇ ਤੋਰਨਗੇ।

ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪੰਚਾਂ, ਸਰਪੰਚਾਂ ਅਤੇ ਹੋਰ ਸ਼ਖਸੀਅਤਾਂ ਨੂੰ ਜੀ ਆਇਆਂ ਆਖਿਆ ਤੇ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਹੱਸਦਾ, ਵਸਦਾ, ਸਿਹਤਯਾਬ, ਬਣਾਉਣ ਲਈ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ ਅਤੇ ਆਪਣੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਿੱਚ ਬਦਲਣਾ ਪਵੇਗਾ। ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦੇ ਚਾਨਣ ਮੁਨਾਰੇ ਵਜੋਂ ਦੇਖਿਆ ਜਾਂਦਾ ਹੈ।  ਇਸ ਲਈ ਲੋਕਤੰਤਰ ਦੀ ਮਜਬੂਤੀ ਪਾਰਦਰਸੀ ਲੋਕਤੰਤਰੀ ਪ੍ਰਣਾਲੀ ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰ ਕੇ ਜਿੱਥੇ ਇਕ ਪਾਸੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕੀਤਾ ਗਿਆ ਹੈ ਉੱਥੇ ਹੀ ਆਪਣੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸੂਝਵਾਨ ਲੋਕਾਂ ਨੇ ਪੰਚ/ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ ਪੱਲਵੀ, ਐਸ.ਐਸ.ਪੀ.ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਵਿਧਾਇਕ ਮਾਲੇਰਕੋਟਲਾ ਦੇ ਸ਼ਰੀਕ-ਏ-ਹਯਾਤ ਫਰਿਆਲ ਰਹਿਮਾਨ, ਐਸ.ਡੀ.ਐਮ.ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਡੀ.ਡੀ.ਪੀ.ਓ ਰਿੰਪੀ ਗਰਗ ਤੋਂ ਇਲਾਵਾ ਹੋਰ ਪ੍ਰਮੁੱਖ ਸਖ਼ਸੀਅਤਾਂ ਮੌਜੂਦ ਸਨ ।

Latest News

Latest News

Leave a Reply

Your email address will not be published. Required fields are marked *