ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

Punjab

ਨਵਾਂ ਸ਼ਹਿਰ/ਚੰਡੀਗੜ੍, 19 ਨਵੰਬਰ 2024 : ਦੇਸ਼ ਕਲਿੱਕ ਬਿਓਰੋ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਮੰਗਲਵਾਰ ਨੂੰ ਨਵਾਂਸ਼ਹਿਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ 466 ਪੰਚਾਇਤਾਂ ਦੇ ਨਵੇਂ ਚੁਣੇ ਗਏ 2822 ਪੰਚਾਂ ਨੂੰ ਸਹੁੰ ਚੁਕਾਈ ਗਈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਇਸ ਸ਼ਾਨਦਾਰ ਸਮਾਗਮ ਦੌਰਾਨ ਸ੍ਰੀ ਰੌੜੀ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪਿੰਡਾਂ ਦੀ ਖ਼ੁਸ਼ਹਾਲੀ, ਸਰਵਪੱਖੀ ਵਿਕਾਸ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਦਿੱਤਾ।  ਉਨ੍ਹਾਂ ਕਿਹਾ ਕਿ ਪੰਚਾਇਤ ਮੈਂਬਰ ਆਪਣੀ ਸਰਗਰਮ ਭੂਮਿਕਾ ਨਾਲ ਪਿੰਡਾਂ ਨੂੰ ਵਿਕਾਸ ਦੀਆਂ ਬੁਲੰਦੀਆਂ ‘ਤੇ ਪਹੁੰਚਾ ਸਕਦੇ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਚਾਇਤਾਂ ਨੂੰ ਹਰ ਵਧੀਆ ਕੰਮ ਕਰਨ ਲਈ ਪੂਰਾ ਸਹਿਯੋਗ ਦੇਵੇਗੀ।  

ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡੀ ਗਿਣਤੀ ਵਿਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਜਿਥੇ ਚੋਣਾਂ ਹੋਈਆਂ ਹਨ, ਉਹ ਵੀ ਸ਼ਾਂਤਮਈ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀਆਂ ਹਨ। ਇਸ ਦੇ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਵਾਸੀ ਵਧਾਈ ਦੇ ਪਾਤਰ ਹਨ। ਉਨ੍ਹਾਂ ਪੰਚਾਂ ਨੂੰ ਕਿਹਾ ਕਿ ਲੋਕਾਂ ਨੇ ਜਿਨ੍ਹਾਂ ਆਸਾਂ-ਉਮੀਦਾਂ ਨਾਲ ਉਨ੍ਹਾਂ ਨੂੰ ਚੁਣਿਆ ਹੈ, ਉਹ ਆਉਣ ਵਾਲੇ ਸਮੇਂ ਵਿਚ ਉਨ੍ਹਾਂ ‘ਤੇ ਪੂਰੇ ਉਤਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ‘ਲੋਕਤੰਤਰ ਦੇ ਥੰਮ੍ਹ’ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਪੰਚਾਇਤ ਦੇ ਫ਼ੈਸਲੇ ਨੂੰ ਪੂਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ।

ਉਨ੍ਹਾਂ ਕਿਹਾ ਕਿ ਪੰਚਾਇਤਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ ।  ਉਨ੍ਹਾਂ ਸਮੂਹ ਪੰਚਾਂ ਨੂੰ ਆਪਣੇ ਸਰਪੰਚਾਂ ਦੀ ਅਗਵਾਈ ਵਿਚ ਅੱਜ ਤੋਂ ਹੀ ਵਿਕਾਸ ਕਾਰਜਾਂ ਲਈ ਸਮਰਪਿਤ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪੰਚਾਇਤ ਮੈਂਬਰਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਵੀ ਕਿਹਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ  ।

       ਇਸ ਮੌਕੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ.ਮਹਿਤਾਬ ਸਿੰਘ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ ‘ਬੱਲੂ’, ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ, ਹਰਜੋਤ ਕੌਰ ਲੋਹਟੀਆ, ਬਲਬੀਰ ਕਰਨਾਣਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐਮ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਡੀ.ਡੀ.ਪੀ.ਓ ਨਿਧੀ ਸਿਨਹਾ, ਬੀ.ਡੀ.ਪੀ.ਓ ਨਵਾਂਸ਼ਹਿਰ ਰਾਜਵਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Latest News

Latest News

Leave a Reply

Your email address will not be published. Required fields are marked *