ਲੁਧਿਆਣਾ, 20 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਅੱਜ (20 ਨਵੰਬਰ) ਜੇਲ੍ਹ ਤੋਂ ਬਾਹਰ ਆ ਗਿਆ ਹੈ। ਇੱਕ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਭਾਈ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ 3 ਘੰਟੇ ਦੀ ਪੈਰੋਲ ਦਿੱਤੀ ਸੀ। ਬਲਵੰਤ ਸਿੰਘ ਰਾਜੋਆਣਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਜੇਲ੍ਹ ਤੋਂ ਬਾਹਰ ਰਹਿਣਗੇ।
ਕੁਲਵੰਤ ਸਿੰਘ ਦੀ 14 ਨਵੰਬਰ ਨੂੰ ਮੌਤ ਹੋ ਗਈ ਸੀ। ਜਿਸ ਦਾ ਭੋਗ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੈ। ਉਸ ਨੂੰ ਪੁਲੀਸ ਸੁਰੱਖਿਆ ਹੇਠ ਪਟਿਆਲਾ ਜੇਲ੍ਹ ਤੋਂ ਲੁਧਿਆਣਾ ਲਿਜਾਇਆ ਜਾ ਰਿਹਾ ਹੈ।
ਇਹ ਦੂਜੀ ਵਾਰ ਹੈ ਜਦੋਂ ਰਾਜੋਆਣਾ ਜੇਲ੍ਹ ‘ਚੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਜਨਵਰੀ 2022 ਵਿੱਚ ਹਾਈ ਕੋਰਟ ਨੇ ਪਿਤਾ ਦੀ ਮੌਤ ਤੋਂ ਬਾਅਦ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਸੀ।