ਚੰਡੀਗੜ੍ਹ, 25 ਨਵੰਬਰ, ਦੇਸ਼ ਕਲਿਕ ਬਿਊਰੋ :
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਬੰਧੀ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਅੱਜ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਕੇਂਦਰ ਸਰਕਾਰ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ, ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ।
ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਨਾਲ ਸਲਾਹ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਸੀਬੀਆਈ ਦੇ ਵਧੀਕ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਸਥਿਤੀ ਫਿਲਹਾਲ ਕੋਈ ਫੈਸਲਾ ਲੈਣ ਦੇ ਅਨੁਕੂਲ ਨਹੀਂ ਹੈ।
ਕੇਂਦਰ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ। ਕੇਂਦਰ ਸਰਕਾਰ ਨੇ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।