ਫਾਜ਼ਿਲਕਾ , 26 ਨਵੰਬਰ, ਦੇਸ਼ ਕਲਿੱਕ ਬਿਓਰੋ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ ਧੰਨਵਾਦ ਕੀਤਾ ਜੋ ਉਨ੍ਹਾਂ ਨੇ ਕਿਸਾਨਾਂ ਦੇ ਪੱਖ ਵਿਚ ਫ਼ੈਸਲਾ ਲੈਂਦੇ ਹੋਏ ਗੰਨੇ ਦੇ ਭਾਅ ਵਿਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ ਕੀਤਾ ਹੈ, ਜਿਸ ਨਾਲ ਕਿਸਾਨਾਂ ਨੂੰ ਗੰਨੇ ਦੀ ਫਸਲ ਦਾ ਪ੍ਰਤੀ ਕੁਇੰਟਲ 401 ਰੁਪਏ ਭਾਅ ਮਿਲੇਗਾ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਕਿਸਾਨਾਂ ਨੂੰ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦੇਵੇਗਾ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਮਿਲੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਕੀਮਤ ਦਿੱਤੀ ਹੈ ਅਤੇ ਹੁਣ ਵੀ ਏਸੇ ਦਿਸ਼ਾ ਵਿੱਚ ਇਹ ਚੰਗਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗੰਨੇ ਦੀਆਂ ਅਗੇਤੀਆਂ ਕਿਸਮਾਂ ਲਈ ਕਿਸਾਨਾਂ ਨੂੰ 401 ਰੁਪਏ ਪ੍ਰਤੀ ਕੁਇੰਟਲ ਅਤੇ ਗੰਨੇ ਦੀਆਂ ਦਰਮਿਆਨੀਆਂ-ਪਿਛੇਤੀਆਂ ਕਿਸਮਾਂ ਲਈ 391 ਰੁਪਏ ਪ੍ਰਤੀ ਕੁਇੰਟਲ ਭਾਅ ਦੇਵੇਗੀ।
ਵਿਧਾਇਕ ਨਰਿੰਦਰ ਪਾਲ ਸਾਵਨਾ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸੇ ਦੀ ਉਨ੍ਹਾਂ ਦੀ ਭਲਾਈ ਲਈ ਸੁਚੱਜੇ ਢੰਗ ਨਾਲ ਵਰਤੋਂ ਕੀਤੇ ਜਾਣ ਨੂੰ ਯਕੀਨੀ ਬਣਾ ਰਹੀ ਹੈ। ਉਹਨਾਂ ਕਿਹਾ ਕਿ ਫਾਜ਼ਿਲਕਾ ਜ਼ਿਲੇ ਵਿੱਚ ਵੀ ਗੰਨੇ ਦੀ ਪੈਦਾਵਾਰ ਵੱਡੀ ਮਾਤਰਾ ਵਿੱਚ ਹੁੰਦੀ ਹੈ, ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ|