ਨਵੀਂ ਦਿੱਲੀ, 29 ਨਵੰਬਰ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਕਾਲੇਜੀਅਮ ਨੇ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਮਨਮੋਹਨ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ ਹੈ।ਉਹ ਸੁਪਰੀਮ ਕੋਰਟ ਦੇ ਜੱਜ ਬਨਣਗੇ।ਉਹ ਆਲ ਇੰਡੀਆ ਸੀਨੀਆਰਤਾ ਸੂਚੀ ਵਿੱਚ ਦੂਜੇ ਨੰਬਰ ‘ਤੇ ਆਉਂਦੇ ਹਨ ਅਤੇ ਦਿੱਲੀ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਹਨ।ਸੁਪਰੀਮ ਕੋਰਟ ਵਿੱਚ ਜੱਜਾਂ ਦੀਆਂ ਕੁੱਲ 34 ਅਸਾਮੀਆਂ ਵਿੱਚੋਂ 2 ਅਸਾਮੀਆਂ ਅਜੇ ਵੀ ਖਾਲੀ ਹਨ।
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਦੀ ਪਹਿਲੀ ਕੌਲਿਜੀਅਮ ਮੀਟਿੰਗ ‘ਚ ਇਹ ਫ਼ੈਸਲਾ ਲਿਆ ਗਿਆ। ਚੀਫ਼ ਜਸਟਿਸ ਤੋਂ ਇਲਾਵਾ ਕੌਲਿਜੀਅਮ ਵਿੱਚ ਜਸਟਿਸ ਬੀਆਰ ਗਵਈ, ਜਸਟਿਸ ਸੂਰਿਆ ਕਾਂਤ, ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਏਐਸ ਓਕਾ ਸ਼ਾਮਲ ਸਨ।
ਜਸਟਿਸ ਮਨਮੋਹਨ ਦਾ ਜਨਮ 17 ਦਸੰਬਰ 1962 ਨੂੰ ਦਿੱਲੀ ਵਿੱਚ ਹੋਇਆ ਸੀ। ਉਹ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਰਾਜਪਾਲ ਅਤੇ ਦਿੱਲੀ ਦੇ ਸਾਬਕਾ ਉਪ ਰਾਜਪਾਲ ਜਗਮੋਹਨ ਮਲਹੋਤਰਾ ਦੇ ਪੁੱਤਰ ਹਨ। ਜਸਟਿਸ ਮਨਮੋਹਨ ਨੇ ਹਿੰਦੂ ਕਾਲਜ ਤੋਂ ਇਤਿਹਾਸ ਵਿੱਚ ਬੀਏ (ਆਨਰਜ਼) ਦੀ ਡਿਗਰੀ ਹਾਸਲ ਕੀਤੀ ਹੈ। ਉਨ੍ਹਾਂ ਨੇ 1987 ਵਿੱਚ ਦਿੱਲੀ ਯੂਨੀਵਰਸਿਟੀ ਦੇ ਲਾਅ ਸੈਂਟਰ ਤੋਂ ਐਲ.ਐਲ.ਬੀ. ਕੀਤੀ ਹੈ।