ਮੁੱਖ ਮੰਤਰੀ ਨੇ ਰਾਜ ਭਰ ਵਿੱਚ ਅਜਿਹੇ ਹੋਰ ਅਤਿ-ਆਧੁਨਿਕ ਕੰਪਲੈਕਸਾਂ ਦੀ ਉਸਾਰੀ ਦਾ ਕੀਤਾ ਐਲਾਨ
ਦਿੜ੍ਹਬਾ (ਸੰਗਰੂਰ), 30 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.80 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਬਣਿਆ ਅਤਿ ਆਧੁਨਿਕ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ।
ਚਾਰ ਮੰਜ਼ਿਲਾ ਇਮਾਰਤ ਜਿਸ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਬੀ.ਡੀ.ਪੀ.ਓ., ਡੀ.ਐਸ.ਪੀ., ਸੀ.ਡੀ.ਪੀ.ਓ. ਅਤੇ ਹੋਰ ਦਫ਼ਤਰ ਹੋਣਗੇ, ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮਈ 2023 ਵਿੱਚ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਇਹ ਰਿਕਾਰਡ ਸਮੇਂ ਵਿੱਚ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨੌਂ ਏਕੜ ਰਕਬੇ ਵਿੱਚ ਫੈਲਿਆ ਇਹ ਪ੍ਰੋਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿਚ ਸੀ, ਜਿਸ ਕਾਰਨ ਸੂਬੇ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੀ ਲੋਕ ਸੇਵਾ ਵਾਲੇ ਅਜਿਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦਿੱਤੀ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਲੋਕਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅੰਦਾਜ਼ਨ ਲਾਗਤ ਦੇ ਮੁਕਾਬਲੇ ਇਸ ਇਮਾਰਤ ਦੀ ਉਸਾਰੀ ਕਰਕੇ ਡੇਢ ਕਰੋੜ ਰੁਪਏ ਦੀ ਬਚਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਚੀਮਾਂ ਵਿਖੇ ਵੀ ਸਬ ਡਵੀਜ਼ਨ ਕੰਪਲੈਕਸ ਉਸਾਰੀ ਅਧੀਨ ਹੈ ਅਤੇ ਜਲਦੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਹੁਣ ਤੱਕ 49427 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ 3 ਦਸੰਬਰ ਨੂੰ ਪਟਿਆਲਾ ਵਿਖੇ 700 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਇਹ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਸਦਕਾ ਪੰਜਾਬ ਵੱਲ ਨੌਜਵਾਨਾਂ ਦਾ ਉਲਟਾ ਪਰਵਾਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਨੌਜਵਾਨ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਵਾਪਸ ਮੁੜ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਸਦਕਾ ਨੌਜਵਾਨਾਂ ਦਾ ਸੂਬਾ ਸਰਕਾਰ ਲਈ ਕੰਮ ਕਰਨ ਸਬੰਧੀ ਵਿਸ਼ਵਾਸ ਵਧਿਆ ਹੈ, ਜਿਸ ਕਾਰਨ ਉਹ ਵਿਦੇਸ਼ ਜਾਣ ਦਾ ਵਿਚਾਰ ਤਿਆਗ ਕੇ ਇੱਥੇ ਹੀ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ‘ਤੇ ਹੈ ਕਿ ਵਿਦੇਸ਼ ਜਾਣ ਦੇ ਪੁਰਾਣੇ ਰੁਝਾਨ ਦੇ ਉਲਟ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਨੌਜਵਾਨਾਂ ਦੇ ਦਾਖ਼ਲਿਆਂ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਪੂਰੇ ਜੋਸ਼ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੀ ਹੀ ਇੱਕ ਪਹਿਲਕਦਮੀ ਤਹਿਤ ਪੇਂਡੂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਿੰਕ ਸੜਕਾਂ ਦਾ ਵੱਡਾ ਮਹੱਤਵ ਹੈ ਅਤੇ ਇਹ ਲੋਕਾਂ ਨੂੰ ਵਸਤਾਂ ਅਤੇ ਸੇਵਾਵਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੇ ਨਿਰਮਾਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ‘ਚੋਂ ਬਹੁਤੀਆਂ ਸੜਕਾਂ ਆਪਣੀ 6 ਸਾਲ ਦੀ ਮਿਆਦ ਪੂਰੀ ਕਰਨ ਦੇ ਬਾਵਜੂਦ ਨਵੀਨੀਕਰਨ ਤੋਂ ਵਾਂਝੀਆਂ ਪਈਆ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਸੂਬੇ ਵਿੱਚ ਸਿਰਫ਼ 21 ਫੀਸਦ ਨਹਿਰੀ ਪਾਣੀ ਹੀ ਵਰਤਿਆ ਜਾ ਰਿਹਾ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ 84 ਫੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਕੇਂਦਰ ਸਰਕਾਰ ਦੀ ਰਿਪੋਰਟ ਅਨੁਸਾਰ ਇਸ ਵਿੱਚ ਇੱਕ ਮੀਟਰ ਦਾ ਵਾਧਾ ਹੋਇਆ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਣਕ/ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਬਦਲਵੀਆਂ ਫ਼ਸਲਾਂ ‘ਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸੂਬਾ, ਕੇਂਦਰੀ ਪੂਲ ਵਿੱਚ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਯੋਗਦਾਨ ਪਾਉਂਦਿਆਂ ਦੇਸ਼ ਵਿੱਚ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਖੁਰਾਕ ਸੁਰੱਖਿਆ ਪ੍ਰਦਾਨ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਪੈਦਾ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅਣਉੱਚਿਤ ਹੈ, ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤਾਂ ਮੁਫ਼ਤ ਨਹੀਂ ਹਨ ਕਿਉਂਕਿ ਲੋਕ ਟੈਕਸਾਂ ਦੇ ਰੂਪ ਵਿੱਚ ਮੋਟੀਆਂ ਰਕਮਾਂ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਸਹੂਲਤਾਂ ਦੇ ਰੂਪ ਵਿੱਚ ਜਨਤਾ ਦਾ ਪੈਸਾ ਜਨਤਾ ਨੂੰ ਹੀ ਮੋੜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਇਹ ਪੈਸਾ ਸਿਆਸਤਦਾਨਾਂ ਦੇ ਘਰਾਂ ਨੂੰ ਜਾਂਦਾ ਸੀ ਪਰ ਹੁਣ ਇਸ ਨੂੰ ਲੋਕ ਸੇਵਾ ਲਈ ਵਰਤਿਆ ਜਾ ਰਿਹਾ ਹੈ।
ਵਿਰੋਧੀ ਧਿਰ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦਾ ਆਪ ਸਰਕਾਰ ‘ਤੇ ਪੂਰਨ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕਾਂ ਨੇ ਡਰਾਮੇਬਾਜ਼ ਸਿਆਸੀ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰਕੇ ਉਨ੍ਹਾਂ ਦੇ ਹਿੱਤਾਂ ਦੀ ਗੱਲ ਕਰਨ ਵਾਲੇ ਨੁਮਾਇੰਦੇ ਚੁਣੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਰਾਜ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਨੂੰ ਇੰਨੀ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਦੇ ਝਾਂਸੇ ਵਿੱਚ ਨਹੀਂ ਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹਕੀਕਤ ਹੈ ਕਿ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਇਹ ਸਿਆਸੀ ਲੀਡਰ ਸੂਬੇ ਦੀਆਂ ਬੁਨਿਆਦੀ ਲੋੜਾਂ ਤੋਂ ਕਦੇ ਵੀ ਜਾਣੂ ਨਹੀਂ ਹੋ ਸਕਦੇ।
ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।