ਡੀ ਸੀ ਆਸ਼ਿਕਾ ਜੈਨ ਨੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਐਸ.ਏ.ਐਸ.ਨਗਰ, 02 ਦਸੰਬਰ, 2024: ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 4 ਦਸੰਬਰ, 2024 ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ, ਇਹ ਜਾਣਕਾਰੀ ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦਿੱਤੀ।
ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪਲਾਜ਼ਾ ਵਿੱਚ ਮਹਾਨ ਆਜ਼ਾਦੀ ਘੁਲਾਟੀਏ ਅਤੇ ਰਾਸ਼ਟਰ ਦੇ ਨਾਇਕ ਸਰਦਾਰ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਮੁੱਖ ਆਕਰਸ਼ਣ ਦਾ ਕੇਂਦਰ ਹੋਵੇਗਾ ਜੋ ਲੋਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਏਗਾ।
ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਹੋਰ ਵਿਭਾਗਾਂ ਨੂੰ ਪਲਾਜ਼ਾ ਦੇ ਉਦਘਾਟਨ ਲਈ ਤਿਆਰੀਆਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਸਮਾਗਮ ਨੂੰ ਸ਼ਾਨਦਾਰ ਬਣਾਉਣ ਲਈ ਸਾਰੇ ਵਿਭਾਗਾਂ ਦਰਮਿਆਨ ਸਹੀ ਤਾਲਮੇਲ ਹੋਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਲੋਕਾਂ ਦੇ ਆਉਣ-ਜਾਣ ਵਿਚ ਕੋਈ ਦਿੱਕਤ ਨਹੀਂ ਆਵੇਗੀ ਅਤੇ ਹਵਾਈ ਅੱਡਾ ਇਲਾਕੇ ਨੂੰ ਆਵਾਜਾਈ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਤੋਂ ਮੁਕਤ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਇਸ ਮੌਕੇ ਏ ਡੀ ਸੀ ਵਿਰਾਜ ਐਸ ਤਿੜਕੇ ਅਤੇ ਸੋਨਮ ਚੌਧਰੀ, ਕਮਿਸ਼ਨਰ ਐਮ ਸੀ ਟੀ ਬੈਨੀਥ, ਏ ਸੀ ਏ ਗਮਾਡਾ ਅਮਰਿੰਦਰ ਸਿੰਘ ਟਿਵਾਣਾ, ਐਸ ਡੀ ਐਮ ਮੁਹਾਲੀ ਦਮਨਦੀਪ ਕੌਰ, ਐਸ ਪੀ (ਟਰੈਫਿਕ) ਐਚ ਐਸ ਮਾਨ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ਼ਿਵਪ੍ਰੀਤ ਸਿੰਘ ਅਤੇ ਐਸ ਐਸ ਭੁੱਲਰ, ਕਾਰਜਕਾਰੀ ਇੰਜਨੀਅਰ (ਬਾਗਬਾਨੀ) ਗਮਾਡਾ ਮਨਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।