ਪਟਿਆਲਾ, 3 ਦਸੰਬਰ:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਉਤੇ ਤਿੱਖੇ ਹਮਲੇ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਸਰਕਾਰੀ ਨੌਕਰੀਆਂ ਦੇ ਲਈ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਬੋਲਦੇ ਹੋਏ ਵਿਰੋਧੀ ਆਗੂਆਂ ਉਤੇ ਤਿੱਖੇ ਹਮਲੇ ਕੀਤੇ।
ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਇੱਕ ਕਾਨਵੈਂਟ ਸਕੂਲਾਂ ਦਾ ਪੜ੍ਹਿਆ ਸਿਆਸੀ ਆਗੂ ਹੈ, ਜੋ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਪਰ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦੇ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦਾ ਰਿਕਾਰਡ ਪੰਜਾਬ ਨੂੰ ਹਮੇਸ਼ਾ ਪਿੱਠ ਵਿਖਾਉਣ ਕਾਰਨ ਸ਼ੱਕੀ ਰਿਹਾ ਹੈ। ਕੈਪਟਨ ਦਾ ਪਰਿਵਾਰ ਹਮੇਸ਼ਾ ਸੂਬਾ ਵਿਰੋਧੀ ਤਾਕਤ ਭਾਵੇਂ ਉਹ ਮੁਗ਼ਲ ਹੋਣ, ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਇਨ੍ਹਾਂ ਦੁਸ਼ਮਣ ਤਾਕਤਾਂ ਨਾਲ ਨਾਲ ਖੜ੍ਹ ਕੇ ਪੰਜਾਬ ਨੂੰ ਧੋਖਾ ਦਿੰਦਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਰ ਹਨ, ਜੋ ਕਿਸੇ ਵੀ ਥਾਂ ਜਾਂ ਘਟਨਾ ਨਾਲ ਖ਼ੁਦ ਨੂੰ ਜੋੜ ਸਕਦੇ ਹਨ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ ਅਤੇ ਜਿੱਤ ਦੀ ਇੱਕੋ-ਇੱਕ ਕੁੰਜੀ ਸਖ਼ਤ ਮਿਹਨਤ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਤਾਂ ਜੋ ਉਹ ਜੀਵਨ ਵਿੱਚ ਆਪਣੇ ਮਿੱਥੇ ਟੀਚੇ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।