ਅੰਮ੍ਰਿਤਸਰ, 4 ਦਸੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਗੋਲੀ ਚਲਾਉਣ ਦੀ ਘਟਨਾ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਗੁਰੂ ਨਾਨਕ ਸਾਹਿਬ ਦਾ ਧੰਨਵਾਦ ਕਰਦਾ ਹਾਂ। ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ।”
ਉਨ੍ਹਾਂ ਦੱਸਿਆ ਕਿ ਸੇਵਾਦਾਰ ਇੱਥੇ ਸੇਵਾ ਕਰ ਰਹੇ ਸਨ। ਐਸ.ਏ.ਡੀ. ਆਗੂ ਸੁਖਬੀਰ ਸਿੰਘ ਬਾਦਲ ਗੁਰੂ ਰਾਮ ਦਾਸ ਦੁਆਰ ਦੇ ਕੋਲ ਪਹਿਰੇਦਾਰ ਵਜੋਂ ਬੈਠੇ ਸਨ। ਗੋਲੀ ਉਨ੍ਹਾਂ ਵਲ ਚਲਾਈ ਗਈ।ਉਨ੍ਹਾਂ ਕਿਹਾ ਕਿ ਮੈਂ ਗੁਰੂ ਨਾਨਕ ਸਾਹਿਬ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਸੇਵਕ ਦੀ ਰੱਖਿਆ ਕੀਤੀ।
ਚੀਮਾ ਨੇ ਕਿਹਾ ਕਿ ਇਹ ਬਹੁਤ ਵੱਡੀ ਘਟਨਾ ਹੈ। ਪੰਜਾਬ ਨੂੰ ਕਿਹੜੇ ਯੁੱਗ ਵਿੱਚ ਧੱਕਿਆ ਜਾ ਰਿਹਾ ਹੈ? ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ ਪੰਜਾਬ ਨੂੰ ਕਿੱਥੇ ਲੈ ਜਾਣਾ ਚਾਹੁੰਦੇ ਹੋ?
ਉਨ੍ਹਾਂ ਦੱਸਿਆ ਕਿ ਹਮਲਾਵਰ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਉਨ੍ਹਾਂ ਸੁਰੱਖਿਆ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ, “ਜੇਕਰ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਨਾ ਕੀਤੀ ਹੁੰਦੀ, ਤਾਂ ਘਟਨਾ ਹੋਰ ਗੰਭੀਰ ਹੋ ਸਕਦੀ ਸੀ।” ਦਲਜੀਤ ਸਿੰਘ ਚੀਮਾ ਨੇ ਮਾਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ ਅਤੇ ਕਿਹਾ, “ਅਸੀਂ ਸੇਵਾ ਜਾਰੀ ਰੱਖਾਂਗੇ।”